· ਬੇਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ
· ਸੁਚੱਜਾ ਪ੍ਰਸ਼ਾਸਨ ਸਪਤਾਹ ਸਬੰਧੀ ਵਰਕਸ਼ਾਪ ਆਯੋਜਿਤ
ਬਠਿੰਡਾ, 23 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਯੋਗ ਅਗਵਾਈ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸੁਚੱਜਾ ਪ੍ਰਸ਼ਾਸਨ ਸਪਤਾਹ ਸਬੰਧੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਜੇ. ਇਲਨਚੇਲੀਅਨ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਸੁਚੱਜਾ ਪ੍ਰਸ਼ਾਸਨ ਸਪਤਾਹ 19 ਤੋਂ 25 ਦਸੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਸਪਤਾਹ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਬੇਹਤਰ ਪ੍ਰਸ਼ਾਸਨਿਕ ਸੇਵਾਵਾਂ ਪਿੰਡਾਂ ਵਿੱਚ ਉਨ੍ਹਾਂ ਦੇ ਦਰਾਂ ਤੱਕ ਜਾ ਕੇ ਮੁਹੱਈਆ ਕਰਵਾਉਣਾ ਹੈ। ਇਸ ਤਹਿਤ ਜ਼ਿਲ੍ਹਾ ਅਤੇ ਉਪ ਮੰਡਲ ਪੱਧਰ ਤੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ, ਇਨ੍ਹਾਂ ਕੈਂਪਾਂ ਚ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਦੀਆਂ ਸਾਂਝੀਆਂ ਅਤੇ ਨਿੱਜੀ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ। ਇਸ ਦੌਰਾਨ ਜਿੱਥੇ ਆਮ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਜਾਂਦਾ ਹੈ ਉੱਥੇ ਹੀ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ ਜਾਂਦੇ ਹਨ।
ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪੋਂ-ਆਪਣੇ ਵਿਭਾਗ ਨਾਲ ਸਬੰਧਤ ਲੋਕ ਹਿੱਤ ਵਿੱਚ ਹੋਰ ਬੇਹਤਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਡਾਕੂਮੈਂਟ ਵਿਜ਼ਨ ਤਿੰਨ ਦਿਨਾਂ ਦੇ ਅੰਦਰ-ਅੰਦਰ ਬਣਾਉਣਾ ਯਕੀਨੀ ਬਣਾਉਣ ਤਾਂ ਜੋ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਇਸ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸ਼ਿਕਾਇਤ ਕਰਤਾ ਨੂੰ ਬਿਨ੍ਹਾਂ ਸੁਣੇ ਕੋਈ ਵੀ ਸ਼ਿਕਾਇਤ ਫਾਇਲ ਨਾ ਕੀਤੀ ਜਾਵੇ। ਪ੍ਰਾਪਤ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਦੌਰਾਨ ਪੀਐਲਆਰਐਸ ਵਲੋਂ ਫ਼ਰਦ ਕੇਂਦਰਾਂ ਰਾਹੀਂ, ਸੇਵਾ ਕੇਂਦਰ ਵਲੋਂ ਮੁਹੱਈਆਂ ਕਰਵਾਈਆਂ ਜਾਂਦੀਆਂ ਈ-ਸੇਵਾਵਾਂ, ਜ਼ਿਲ੍ਹਾ ਉਦਯੋਗ ਕੇਂਦਰ ਅਤੇ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਆਪੋਂ-ਆਪਣੇ ਵਿਭਾਗ ਨਾਲ ਸਬੰਧਤ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।
ਸੈਮੀਨਾਰ ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਨੂੰ ਹੋਰ ਬੇਹਤਰ ਤਰੀਕੇ ਨਾਲ ਆਮ ਲੋਕਾਂ ਤੱਕ ਪਹੁੰਚਣ ਲਈ ਅਧਿਕਾਰੀਆਂ ਕੋਲੋਂ ਲੋੜੀਂਦੇ ਸੁਝਾਅ ਵੀ ਲਏ ਗਏ। ਬੇਹਤਰ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਆਰਪੀ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ. ਸਾਰੰਗਪ੍ਰੀਤ ਸਿੰਘ ਔਜਲਾ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਸ਼੍ਰੀ ਓਮ ਪ੍ਰਕਾਸ਼, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਬਠਿੰਡਾ ਸ਼੍ਰੀ ਪ੍ਰੀਤ ਮਹਿੰਦਰ ਸਿੰਘ ਬਰਾੜ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ
0 comments:
Post a Comment