punjabfly

Jan 27, 2023

ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਦੇਣ ਦੇ ਨਾਲ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ—ਜਗਦੀਪ ਕੰਬੋਜ਼ ਗੋਲਡੀ



—ਕਿਹਾ, ਰਾਜ ਅੰਦਰ ਪਹਿਲਾ ਤੋਂ ਚਲ ਰਹੇ 100 ਆਮ ਆਦਮੀ ਕਲੀਨਿਕਾਂ ’ਚ ਕਰੀਬ 10 ਲੱਖ ਤੋਂ ਵਧੇਰੇ ਲੋਕਾਂ ਨੇ ਕਰਵਾਇਆ ਇਲਾਜ—
—ਫਾਜਿ਼ਲਕਾ ਜਿ਼ਲ੍ਹੇ ਵਿਚ 21 ਹੋਰ ਆਮ ਆਦਮੀ ਕਲੀਨਿਕ ਸ਼ੁਰੂ—ਡਿਪਟੀ ਕਮਿਸ਼ਨਰ
 ਫ਼ਾਜਿ਼ਲਕਾ, 27 ਜਨਵਰੀ ( ਬਲਰਾਜ ਸਿੰਘ ਸਿੱਧੂ )
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਦੇਣ ਦੇ ਨਾਲ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਅੱਜ ਹਲਕੇ ਦੇ ਪਿੰਡ ਟਾਹਲੀਵਾਲਾ ਬੋਦਲਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੂੱਗਲ ਆਈਏਐਸ ਵੀ ਹਾਜਰ ਸਨ।
ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਇਸ ਮੌਕੇ ਕਿਹਾ ਕਿ ਇਕ ਸਾਲ ਤੋਂ ਘੱਟ ਸਮੇਂ ਅੰਦਰ ਸੈਂਕੜੇ ਆਮ ਆਦਮੀ ਕਲੀਨਿਕ ਖੋਲ੍ਹ ਕੇ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣਾ ਰਾਜ ਸਰਕਾਰ ਦਾ ਸ਼ਲਾਘਾਯੋਗ ਕਾਰਜ਼ ਹੈ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਅਤਿ ਆਧੁਨਿਕ ਤਰੀਕੇ ਨਾਲ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ ਅਤੇ ਮਰੀਜ਼ਾਂ ਦਾ ਸਾਰਾ ਰਿਕਾਰਡ ਆਨਲਾਈਨ ਪੋਰਟਲ ’ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕਲੀਨਿਕਾਂ ਵਿਚ ਇਲਾਜ, ਦਵਾਈਆਂ ਅਤੇ ਟੈਸਟ ਬਿਲਕੁਲ ਮੁਫਤ ਹੋਣਗੇ। ਉਨ੍ਹਾਂ ਨੇ ਕਿਹਾ ਕਿ ਸੂਬੇ ਅੰਦਰ ਪਹਿਲਾ ਤੋਂ 100 ਆਮ ਆਦਮੀ ਕਲੀਨਿਕ ਚਲ ਰਹੇ ਹਨ ਅਤੇ ਸੂਬੇ ਵਿੱਚ 400 ਹੋਰ ਕਲੀਨਿਕ ਚਾਲੂ ਕਰ ਦਿੱਤੇ ਗਏ ਹਨ, ਜਿਸ ਨਾਲ ਇੰਨ੍ਹਾਂ ਦੀ ਗਿਣਤੀ ਹੁਣ ਸੂਬੇ ਅੰਦਰ 500 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਚਲ ਰਹੇ 100 ਆਮ ਆਦਮੀ ਕਲੀਨਿਕਾਂ ਤੋਂ ਕਰੀਬ 10 ਲੱਖ ਤੋਂ ਵਧੇਰੇ ਲੋਕ ਲਾਭ ਲੈ ਚੁੱਕੇ ਹਨ।
ਇਸ ਮੌਕੇ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕੇ ਵਿਚ ਦੋ ਸਕੂਲ ਆਫ ਐਮੀਂਨੈਂਸ ਵੀ ਬਣਾਏ ਗਏ ਹਨ ਜਦ ਕਿ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਮੰਗ ਤੇ ਪਿੰਡ ਵਿਚ ਸੇਵਾ ਕੇਂਦਰ ਸ਼ੁਰੂ ਕਰਵਾ ਦਿੱਤਾ ਗਿਆ ਸੀ।
ਇਸ ਮੌਕੇ ਡਿਪਟੀ ਕਮਿਸ਼ਨਰ  ਡਾ: ਸੇਨੂੰ ਦੂੱਗਲ ਆਈਏਐਸ ਨੇ ਦੱਸਿਆ ਕਿ ਜਿ਼ਲ੍ਹੇ ਵਿਚ ਪਹਿਲਾਂ ਤੋਂ 2 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ 21 ਹੋਰ ਆਮ ਆਦਮੀ ਕਲੀਨਿਕ ਅੱਜ ਤੋਂ ਸ਼ੁਰੂ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਚੰਗੀਆਂ ਇਲਾਜ ਸਹੁਲਤਾਂ ਮਿਲਣਗੀਆਂ। ਉਨ੍ਹਾਂ ਨੇ ਇਸ ਮੌਕੇ ਲੋਕਾਂ ਨੂੰ ਆਪਣੀ ਸਿਹਤ ਦਾ ਖਿਆਲ ਰੱਖਣ ਅਤੇ ਨਸਿ਼ਆਂ ਤੋਂ ਦੂਰ ਰਹਿਣ ਦਾ ਪ੍ਰਣ ਲੈਣ ਲਈ ਵੀ ਕਿਹਾ।ਇਸ ਤੋਂ ਪਹਿਲਾਂ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਦਾ ਪਿੰਡ ਪੁੱਜਣ ਤੇ ਸ: ਮਨਜਿੰਦਰ ਸਿੰਘ ਸਾਜਨ ਖੇੜਾ ਨੇ ਸਵਾਗਤ ਕੀਤਾ।
ਵੀਡੀਓ ਕਾਨਫਰਸਿੰਗ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਸਮਗਾਮ ਦੌਰਾਨ ਵਿਧਾਇਕ ਜਲਾਲਾਬਾਦ ਸ੍ਰੀ  ਜਗਦੀਪ ਕੰਬੋਜ਼ ਗੋਲਡੀ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁਗਲ ਵੀ ਸ਼ਾਮਿਲ ਹੋਏ। 
ਇਸ ਮੌਕੇ ਡਾ: ਪੰਕਜ ਚੋਹਾਨ, ਡਾ: ਮੇਜਰ ਮਨਦੀਪ, ਡਾ: ਸਾਇਨਾ ਕਟਾਰੀਆ, ਬਲਾਕ ਐਜ਼ੁਕੇਟਰ ਸ੍ਰੀ ਦਿਵੇਸ ਕੁਮਾਰ, ਸ੍ਰੀ ਸੁਖਵਿੰਦਰ ਕੰਬੋਜ਼ ਆਦਿ ਵੀ ਹਾਜਰ ਸਨ।
Share:

0 comments:

Post a Comment

Definition List

blogger/disqus/facebook

Unordered List

Support