Jan 10, 2023

ਹਲਕੇ ਦੇ ਪਿੰਡਾਂ ਦਾ ਹੋਵੇਗਾ ਸਰਵਪੱਖੀ ਵਿਕਾਸ: ਰਜ਼ਨੀਸ ਦਹੀਆ



ਵੱਖ-ਵੱਖ ਵਿਭਾਗਾਂ ਤੋਂ ਵਿਕਾਸ ਪ੍ਰਾਜੈਕਟਾਂ, ਯੋਜਨਾਵਾਂ ਸਬੰਧੀ ਲਈ ਜਾਣਕਾਰੀ

ਅਧਿਕਾਰੀਆਂ ਨੂੰ ਵਿਕਾਸ ਸਕੀਮਾਂ, ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਦੀ ਹਦਾਇਤ

ਫਿਰੋਜ਼ਪੁਰ, 10 ਜਨਵਰੀ 2023

          ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਪਿੰਡਾਂ ਦਾ ਸਰਵਪੱਖੀ ਵਿਕਾਸ ਕਰੇਗੀ ਅਤੇ ਲੋਕਾਂ ਨੂੰ ਹਰ ਤਰ੍ਹਾਂ ਦੀ ਬੁਨਿਆਦੀ ਸਹੂਲਤ ਮੁਹੱਈਆ ਕਰਵਾ ਕ ਰਾਜ ਨੂੰ ਵਿਕਾਸ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਸ੍ਰੀ ਰਜ਼ਨੀਸ ਦਹੀਆ ਨੇ ਸਰਕਟ ਹਾਊਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਹਲਕੇ ਦੇ ਆਪ ਆਗੂਆਂ ਨਾਲ ਮੀਟਿੰਗ ਮੌਕੇ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

          ਮੀਟਿੰਗ ਦੌਰਾਨ ਵਿਧਾਇਕ ਸ੍ਰੀ ਰਜ਼ਨੀਸ ਦਹੀਆ ਨੇ ਦੱਸਿਆ ਕਿ ਹਲਕੇ ਦੇ ਸਾਰੇ ਪਿੰਡਾਂ ਵਿੱਚ ਜਿਨ੍ਹਾਂ ਸਹੂਲਤਾਂ ਦੀ ਘਾਟ ਹੈ ਉਹ ਜਲਦੀ ਹੀ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹਲਕੇ ਦਾ ਸਰਵਪੱਖੀ ਵਿਕਾਸ ਪਾਰਟੀ ਦੀਆਂ ਨੀਹਾਂ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਕੋ ਹੀ ਉਦੇਸ਼ ਹੈ ਆਮ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਹੇਠਲੇ ਪੱਧਰ ਤੱਕ ਉਪਲਬਧ ਕਰਵਾਉਣਾ ਹੈ। ਮੀਟਿੰਗ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਉਨ੍ਹਾਂ ਦੇ ਵਿਭਾਗਾਂ ਅਧੀਨ ਆਉਂਦੀਆਂ ਸਕੀਮਾਂ, ਵਿਕਾਸ ਕਾਰਜਾਂ ਦੀ ਜਾਣਕਾਰੀ ਲਈ ਅਤੇ ਪਿੰਡਾਂ ਤੋਂ ਆਏ ਆਪ ਆਗੂਆਂ ਨੂੰ ਉਨ੍ਹਾਂ ਸਕੀਮਾਂ ਤੋਂ ਜਾਣੂ ਕਰਵਾਇਆ।

          ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪੋ-ਆਪਣੇ ਵਿਭਾਗਾਂ ਦੀਆਂ ਸਕੀਮਾਂ ਜਿਵੇਂ ਪੇਂਡੂ ਵਿਕਾਸ, ਪੈਨਸ਼ਨ ਸਕੀਮ, ਸ਼ਗਨ ਸਕੀਨ, ਲਿੰਕ ਸੜਕਾਂ, ਸਿੱਖਿਆ ਨਾਲ ਸਬੰਧਤ ਹੋਰ ਵੀ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਵਿਧਾਇਕ ਸ੍ਰੀ ਦਹੀਆ ਨੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਉਹ ਆਪਣੇ ਵਿਭਾਗ ਦੀਆਂ ਸਾਰੀਆਂ ਸਕੀਮਾਂ ਦਾ ਯੋਗ ਲਾਭਪਾਤਰੀਆਂ ਨੂੰ ਬਣਦੇ ਰੂਲਾਂ ਮੁਤਾਬਕ ਲਾਭ ਦੇਣਾ ਯਕੀਨੀ ਬਣਾਉਣ।

          ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਕਿਉਂਕਿ ਹੁਣ ਸਰਕਾਰੀ ਸਕੂਲਾਂ ਦਾ ਪੱਧਰ ਬਹੁਤ ਉੱਚਾ ਹੋ ਚੁੱਕਾ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਕਈ ਤਰ੍ਹਾਂ ਦੀਆਂ ਸਕੀਮਾਂ ਦਾ ਲਾਭ ਵੀ ਮਿਲਦਾ ਹੈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਸੜਕਾਂ ਦੇ ਬਰਮਾਂ ਤੋਂ ਕਬਜ਼ੇ ਹਟਾ ਕੇ ਮਿੱਟੀ ਪਾਈ ਜਾਵੇਗੀ ਅਤੇ ਜੇਕਰ ਕਿਸੇ ਕਿਸਾਨ ਵੱਲੋਂ  ਸੜਕਾਂ ਦੇ ਨਾਲ ਜਗ੍ਹਾ ਮੱਲੀ ਹੋਈ ਹੈ ਤਾਂ ਉਹ ਹੁਣ ਸਬੰਧਤ ਵਿਭਾਗ ਨੂੰ ਸਹਿਯੋਗ ਦੇਣ ਤਾਂ ਜੋ ਸੜਕਾਂ ਨੂੰ ਚੌੜੀਆਂ ਕੀਤਾ ਜਾ ਸਕੇ ਅਤੇ ਆਵਾਜਾਈ ਸਬੰਧੀ ਕੋਈ ਦਿੱਕਤ ਪੇਸ਼ ਨਾ ਆਵੇ।

          ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਜਸਵੰਤ ਸਿੰਘ ਬੜੈਚ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀ ਰਾਜੀਵ ਕੁਮਾਰ ਛਾਬੜਾ, ਸ੍ਰੀ ਰੌਬੀ ਸੰਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡਾਂ ਤੋਂ ਆਏ ਆਪ ਆਗੂ  ਹਾਜ਼ਰ ਸਨ।


No comments:

Post a Comment