• ਕੈਬਨਿਟ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ ਅਤੇ ਕੁਲਦੀਪ ਧਾਲੀਵਾਲ ਹੋਏ ਸ਼ਾਮਿਲ
ਚੰਡੀਗੜ੍ਹ, 18 ਜਨਵਰੀ:
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਨਵੇਂ ਵਰ੍ਹੇ ਦੀ ਆਮਦ 'ਤੇ ਸਰਬੱਤ ਦੇ ਭਲੇ ਦੀ ਅਰਦਾਸ-ਜੋਦੜੀ ਨੂੰ ਸਮਰਪਿਤ ਧਾਰਮਿਕ ਸਮਾਗਮ ਸੁਖਮਨੀ ਸਾਹਿਬ ਦੇ ਪਾਠ ਅਤੇ ਸ਼ਬਦ ਕੀਰਤਨ ਦੇ ਰੂਪ ਵਿੱਚ ਪੂਰਨ ਸ਼ਰਧਾ ਨਾਲ ਕਰਵਾਏ ਗਏ।
ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ, ਖੇਤੀਬਾੜੀ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ, ਪ੍ਰਮੁੱਖ ਸਕੱਤਰ ਸੂਚਨਾ ਤੇ ਲੋਕ ਸੰਪਰਕ ਸ੍ਰੀ ਰਾਹੁਲ ਭੰਡਾਰੀ, ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ, ਵਧੀਕ ਡਾਇਰੈਕਟਰ (ਪ੍ਰਸ਼ਾਸਨ) ਸ੍ਰੀ ਸੰਦੀਪ ਸਿੰਘ ਗੜ੍ਹਾ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਕਮਿਊਨੀਕੇਸ਼ਨ ਸ੍ਰੀ ਨਵਨੀਤ ਸਿੰਘ ਵਧਵਾ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਸਟਾਫ਼ ਨੇ ਇਸ ਸਮਾਗਮ ਵਿੱਚ ਭਰਵੀਂ ਹਾਜ਼ਰੀ ਲਗਵਾਈ।
ਸਭ ਤੋਂ ਪਹਿਲਾਂ ਭਾਈ ਕਸ਼ਮੀਰ ਸਿੰਘ ਜੀ ਦੀ ਅਗਵਾਈ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿੱਚ ਕਰਵਾਉਣ ਉਪਰੰਤ ਭਾਈ ਤੇਜਿੰਦਰ ਸਿੰਘ ਸ਼ਿਮਲਾ ਵਾਲਿਆਂ ਦੇ ਰਾਗੀ ਜੱਥੇ ਵੱਲੋਂ ਮਨੋਹਰ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਇਸ ਉਪਰੰਤ ਵਿਭਾਗ ਵਲੋਂ ਲਾਏ ਗਏ ਗੁਰੂ ਕੇ ਲੰਗਰ ਵਿੱਚ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਤੇ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਲਕਾ ਧਰਮਕੋਟ ਤੋਂ ਵਿਧਾਇਕ ਸ੍ਰੀ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਬਾਕੀ ਸੰਗਤ ਨਾਲ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ।
ਇਸ ਸਮਾਗਮ ਵਿਚ ਪੱਤਰਕਾਰ ਭਾਈਚਾਰਾ, ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2 ਦੇ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਵਿਧਾਨ ਸਭਾ ਦੇ ਸਟਾਫ਼ ਸਮੇਤ ਡੀ.ਆਈ.ਪੀ.ਆਰ. ਦੇ ਸੇਵਾਮੁਕਤ ਅਧਿਕਾਰੀਆਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
0 comments:
Post a Comment