punjabfly

Mar 7, 2023

ਵਿਧਾਨ ਸਭਾ ਦੇ ਸਮਾਂਤਰ ਮੁਲਾਜ਼ਮਾਂ-ਪੈਨਸ਼ਨਰਾਂ ਦੇ ਸੈਸ਼ਨ ਵਿੱਚ ਡੀ.ਟੀ.ਐੱਫ. ਕਰੇਗਾ ਭਰਵੀਂ ਸਮੂਲੀਅਤ




ਪੁਰਾਣੀ ਪੈਨਸ਼ਨ, ਪੇਂਡੂ ਤੇ ਬਾਰਡਰ ਏਰੀਆ ਭੱਤੇ ਅਤੇ ਪੰਜਾਬ ਸਕੇਲ ਬਹਾਲ ਕੀਤੇ ਜਾਣ: ਡੀ.ਟੀ.ਐੱਫ.



7 ਮਾਰਚ, ਫਾਜ਼ਿਲਕਾ (ਬਲਰਾਜ ਸਿੰਘ ਸਿੱਧੂ   ):

ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ 9- 11 ਮਾਰਚ ਤੱਕ ਚੰਡੀਗੜ੍ਹ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਮਾਨੰਤਰ ਸ਼ੈਸ਼ਨ ਵਿੱਚ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਦੀ ਅਗਵਾਈ ਵਿੱਚ ਹੋਈ ਸੂਬਾ ਕਮੇਟੀ ਮੀਟਿੰਗ ਦੇ ਫੈਸਲੇ ਅਨੁਸਾਰ 11 ਮਾਰਚ ਨੂੰ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਝੰਡਿਆਂ ਨਾਲ਼ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ ਹੈ।


ਡੀ.ਟੀ.ਐੱਫ. ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਧਾਨ ਮਹਿੰਦਰ ਕੌੜਿਆਂਵਾਲੀ, ਜ਼ਿਲ੍ਹਾ ਸਕੱਤਰ ਸੁਰਿੰਦਰ ਬਿੱਲਾਪੱਟੀ ਅਤੇ ਸਰਪ੍ਰਸਤ ਕੁਲਜੀਤ ਡੰਗਰ ਖੇੜਾ ਨੇ ਦੱਸਿਆ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ 28 ਫਰਵਰੀ ਨੂੰ 'ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ' ਨਾਲ ਤਹਿ ਕੀਤੀ ਗਈ ਮੀਟਿੰਗ ਕਰਨ ਤੋਂ ਭੱਜਣ ਕਾਰਨ ਸਾਂਝੇ ਫਰੰਟ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਜਟ ਸ਼ੈਸ਼ਨ ਦੌਰਾਨ 9-11 ਮਾਰਚ ਤੱਕ ਚੰਡੀਗੜ੍ਹ ਦੇ 17 ਸੈਕਟਰ ਵਿਖੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਸਮਾਨੰਤਰ ਸ਼ੈਸ਼ਨ ਸੱਦਿਆ ਗਿਆ ਹੈ, ਜਿਸ ਵਿੱਚ ਸਮੂਹ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਹਕੀਕੀ ਮੁੱਦਿਆਂ ਨੂੰ ਲੋਕਾਂ ਸਾਹਮਣੇ ਲਿਆਂਦਾ ਜਾਵੇਗਾ। ਡੀ.ਟੀ.ਐੱਫ. ਆਗੂਆਂ ਨੇ ਕਿਹਾ ਕੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਭਰੋਸਾ ਦਿੱਤਾ ਗਿਆ ਸੀ, ਕਿ ਮਾਣਭੱਤਾ ਵਰਕਰਾਂ ਦੀਆਂ ਉਜਰਤਾਂ ਵਿੱਚ ਵਾਧਾ ਕੀਤਾ ਜਾਵੇਗਾ ਅਤੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ, ਓ.ਡੀ.ਐੱਲ. ਅਧਿਆਪਕਾਂ ਦਾ ਮਾਮਲਾ ਹੱਲ ਕੀਤਾ ਜਾਵੇਗਾ, ਕੰਪਿਊਟਰ ਅਧਿਆਪਕਾਂ 'ਤੇ ਵਿਭਾਗੀ ਮਾਰਜ਼ਿੰਗ ਤੇ ਹੋਰ ਲਾਭ ਲਾਗੂ ਕੀਤੇ ਜਾਣਗੇ, ਛੇਵੇਂ ਪੰਜਾਬ ਤਨਖਾਹ ਕਮਿਸ਼ਨ ਨੂੰ ਸੋਧ ਕੇ ਮੁਲਾਜ਼ਮ ਤੇ ਪੈਨਸ਼ਨਰ ਪੱਖੀ ਬਣਾਇਆ ਜਾਵੇਗਾ ਅਤੇ ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.59 ਦੇ ਗੁਣਾਂਕ ਨਾਲ ਕੀਤੀ ਜਾਵੇਗੀ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ, ਪਰਖ ਕਾਲ ਸੰਬੰਧੀ 15-01-2015 ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇਗਾ,17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ 'ਤੇ ਵੀ ਪੰਜਾਬ ਦੇ ਸਕੇਲ ਲਾਗੂ ਕੀਤੇ ਜਾਣਗੇ ਅਤੇ ਪੇਂਡੂ ਭੱਤਾ, ਸਫਰੀ ਭੱਤਾ ਤੇ ਬਾਰਡਰ ਏਰੀਆ ਭੱਤੇ ਸਮੇਤ ਕੱਟੇ ਗਏ 37 ਕਿਸਮਾਂ ਦੇ ਭੱਤੇ ਅਤੇ ਏ.ਸੀ.ਪੀ. (4-9-14 ਸਾਲਾਂ ਲਾਭ) ਆਦਿ ਬਹਾਲ ਕੀਤੇ ਜਾਣਗੇ, ਪ੍ਰੰਤੂ ਅਜੇ ਤੱਕ ਇਹ ਸਾਰੇ ਮਾਮਲੇ ਜਿਉਂ ਦੇ ਤਿਉਂ ਖੜ੍ਹੇ ਹਨ। ਇਸੇ ਤਰ੍ਹਾਂ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 01-01-2016 ਤੋਂ ਪੈਨਸ਼ਨਰਾਂ ਲਈ 113% ਡੀ.ਏ. ਦੀ ਬਜਾਏ 119% ਡੀ.ਏ. ਅਨੁਸਾਰ ਪੈਨਸ਼ਨ ਦੁਹਰਾਈ ਕਰਨ ਦੇ ਦਿੱਤੇ ਗਏ ਫੈਸਲੇ ਨੂੰ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ 'ਤੇ ਤੁਰੰਤ ਲਾਗੂ ਕਰਨਾ ਚਾਹੀਦਾ ਹੈ ਜਦਕਿ ਸਾਂਝੇ ਫਰੰਟ ਵੱਲੋਂ 01-01-2016 ਨੂੰ 125% ਡੀ.ਏ. ਅਨੁਸਾਰ ਗੁਣਾਂਕ ਤਹਿ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਪਰਖ ਸਮਾਂ ਐਕਟ ਰੱਦ ਕਰਨ ਦਾ ਅਦਾਲਤੀ ਫੈਸਲਾ ਵੀ ਸਮੂਹ ਮੁਲਾਜ਼ਮਾਂ ਤੇ ਲਾਗੂ ਕਰਕੇ ਪਰਖ ਸਮੇਂ ਦੌਰਾਨ ਪੂਰਾ ਤਨਖਾਹ ਸਕੇਲ ਤੇ ਭੱਤੇ ਸਹਿਤ ਬਕਾਏ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ ।

Share:

0 comments:

Post a Comment

Definition List

blogger/disqus/facebook

Unordered List

Support