punjabfly

Jun 21, 2023

ਡਾ.ਰੂਹੀ ਦੁੱਗ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦਾ ਸੰਭਾਲਿਆ ਅਹੁੱਦਾ

Dr. Ruhi Dug took over the post of Deputy Commissioner Mr. Muktsar Sahib


-ਜਿਲ੍ਹੇ ਦੇ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਬਿਹਤਰ ਪ੍ਰਸ਼ਾਸ਼ਨ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ- ਡਾ. ਰੂਹੀ ਦੁੱਗ
-ਨਵ-ਨਿਯੁਕਤ ਡਿਪਟੀ ਕਮਿਸ਼ਨਰ ਨੇ ਰੇਲਵੇ ਓਵਰ ਬ੍ਰਿਜ ਦਾ ਲਿਆ ਜਾਇਜਾ
                               
ਸ੍ਰੀ ਮੁਕਤਸਰ ਸਾਹਿਬ 21 ਜੂਨ
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾ ਤਹਿਤ ਡਾ. ਰੂਹੀ ਦੁੱਗ ਆਈ.ਏ.ਐਸ ਨੂੰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ ਅਤੇ ਉਨ੍ਹਾ ਨੇ ਅੱਜ਼ ਆਪਣੀ ਟੇ੍ਰਨਿੰਗ ਪੂਰੀ ਹੋਣ ਉਪਰੰਤ ਬਤੌਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।ਉਨ੍ਹਾਂ ਅਹੁਦਾ ਸੰਭਾਲਣ ਮੌਕੇ ਅਧਿਕਾਰੀਆਂ ਤੋਂ ਜਿਲ੍ਹੇ ਚ ਚਲ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕੀਤੀ ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਦੀ ਚਰਨ ਛੋਹ ਪ੍ਰਾਪਤ  ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡੀ.ਸੀ. ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਤੇ ਉਹ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਜਲਦੀ ਹੀ ਪਿੰਡਾਂ, ਵਾਰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ ਤੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕੀਤਾ ਜਾਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨ ਹਿੱਤ ਸੇਵਾਵਾਂ ਤਹਿ ਸਮਾਂ ਸੀਮਾ ਵਿਚ ਦਿੱਤੀਆਂ ਜਾਣ। ਹਰ ਤਰ੍ਹਾਂ ਦੇ ਦਬਾਅ ਤੋਂ ਮੁਕਤ ਹੋ ਕੇ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ,ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਦੇਣਾ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਰਹੇਗੀ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜਿਲ੍ਹੇ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ।ਇਥੇ ਪਹੁੰਚਣ ਤੇ ਉਨ੍ਹਾਂ ਨੂੰ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਵੀ ਦਿੱਤੀ ਗਈ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ 40 ਮੁਕਤਿਆ ਦੀ ਯਾਦ ਵਿੱਚ ਬਣੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਏ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਹਿਰ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਅਤੇ ਸਹਿਰ ਵਿੱਚ  ਬਣੇ ਰੇਲਵੇ ਪੁੱਲ ਦਾ ਜਾਇਜਾ ਲਿਆ।
ਜਿਕਰਯੋਗ ਹੈ ਕਿ ਡਾ.ਰੂਹੀ ਦੁੱਗ 2014 ਬੈੰਚ ਦੇ ਆਈ ਏ ਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ ਫਰੀਦਕੋਟ, ਰਜਿਸਟਰਾਰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਅਤੇ ਏ.ਡੀ.ਸੀ (ਯੂ.ਡੀ) ਅੰਮ੍ਰਿਤਸਰ ਸਮੇਤ ਵੱਖ ਵੱਖ ਪ੍ਰਸ਼ਾਸਨਿਕ ਅਹੁਦਿਆਂ ਤੇ ਸੇਵਾਵਾਂ ਨਿਭਾ ਚੁੱਕੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ ਸ੍ਰੀ ਕੰਵਰਜੀਤ ਸਿੰਘ, ਐਸ.ਡੀ.ਐਮ ਗਿੱਦੜਬਾਹਾ ਸ੍ਰੀ ਜਸ਼ਨਜੀਤ ਸਿੰਘ, ਡੀ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਵਤਾਰ ਸਿੰਘ ਰਾਜਪਾਲ ਸਮੇਤ ਦਫਤਰੀ ਸਟਾਫ ਤੇ ਅਧਿਕਾਰੀ ਹਾਜ਼ਰ ਸਨ।



Share:

0 comments:

Post a Comment

Definition List

blogger/disqus/facebook

Unordered List

Support