ਕੈਬਿਨਟ ਸਬ ਕਮੇਟੀ ਨਾਲ 17 ਨਵੰਬਰ ਨੂੰ ਮੀਟਿੰਗ ਤੈਅ ਹੋਣ ਤੋਂ ਬਾਅਦ ਸ਼ਾਂਤ ਹੋਏ ਮੁਲਾਜ਼ਮ
1 ਨਵੰਬਰ ਨੂੰ ਮੁੱਖ ਮੰਤਰੀ ਦੀ ਡਿਬੇਟ 'ਚ ਜਾਣਗੇ ਕੱਚੇ ਮੁਲਾਜ਼ਮ
ਦਿਵਾਲੀ ਤੱਕ ਦਾ ਸਿੱਖਿਆ ਵਿਭਾਗ ਨੂੰ ਅਲਟੀਮੇਟਮ, ਦਿਵਾਲੀ ਤੋਂ ਬਾਅਦ ਪੱਕਾ ਧਰਨਾ ਲਾਉਣ ਦਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਦੇ ਲਿਖਤੀ ਹੁਕਮਾਂ ਨੂੰ ਵੀ ਨਹੀ ਮੰਨਦਾ ਸਿੱਖਿਆ ਵਿਭਾਗ
ਮੁੱਖ ਮੰਤਰੀ ਦੇ ਲਿਖਤੀ ਹੁਕਮਾਂ ਦੇ ਬਾਵਜੂਦ 17 ਮਹੀਨਿਆਂ 'ਚ ਨਹੀ ਕੀਤੀ ਕੋਈ ਕਾਰਵਾਈ
ਸੰਗਰੂਰ,
ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ, ਦਫ਼ਤਰੀ ਕਰਮਚਾਰੀਆਂ ਅਤੇ ਵਿਸ਼ੇਸ਼ ਅਧਿਆਪਕਾਂ ਨੇ ਆਪਣੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ 'ਚ ਸੂਬਾ ਪੱਧਰੀ ਰੋਸ ਰੈਲੀ ਕੀਤੀ। ਸਵੇਰੇ ਤੋਂ ਹੀ ਸਥਾਨਕ ਪਟਿਆਲਾ ਬਾਈਪਾਸ ਪੁਲ ਦੇ ਹੇਠਾਂ ਪੰਜਾਬ ਭਰ ਤੋਂ ਇੱਕੱਠੇ ਹੋਏ ਮੁਲਾਜ਼ਮਾਂ ਵੱਲੋਂ ਪੁਲ ਹੇਠਾਂ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਮੁੱਖ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕੀਤਾ ਗਿਆ। ਮੁੱਖ ਮੰਤਰੀ ਦੀ ਕੋਠੀ ਨੇੜੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੈਰੀਕੇਟ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ ਗਿਆ ਤਾਂ ਉਨ੍ਹਾਂ ਉੱਥੇ ਹੀ ਸੜਕ ਤੇ ਧਰਨਾ ਲਗਾ ਕੇ ਚੱਕਾ ਜਾਮ ਕਰ ਦਿੱਤਾ ਤਾਂ ਜ਼ਿਲ੍ਹਾ ਸੰਗਰੂਰ ਦੇ ਪ੍ਰਸ਼ਾਸਨ ਵੱਲੋਂ ਜੱਥੇਬੰਦੀ ਦੇ ਆਗੂਆਂ ਦੀ 17 ਨਵੰਬਰ ਨੂੰ ਕੈਬਿਨਟ ਸਬ-ਕਮੇਟੀ ਨਾਲ ਮੀਟਿੰਗ ਤੈਅ ਕਰਵਾਈ ਗਈ। ਇਸ ਤੋਂ ਬਾਅਦ ਮੁਲਾਜ਼ਮ ਸ਼ਾਂਤ ਹੋਏ ਅਤੇ ਉਨ੍ਹਾਂ ਨੇ ਆਪਣਾ ਧਰਨਾ ਖ਼ਤਮ ਕਰ ਦਿੱਤਾ। ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਅਪ੍ਰੈਲ 2022 ਵਿਚ ਮੀਟਿੰਗ ਕਰਕੇ ਪੱਕੇ ਕਰਨ ਦਾ ਫੈਸਲਾ ਲਿਆ ਸੀ ਪਰ 17 ਮਹੀਨਿਆਂ ਦੋਰਾਨ ਸਿੱਖਿਆ ਵਿਭਾਗ ਤੇ ਸਿੱਖਿਆ ਮੰਤਰੀ ਨੇ ਕੋਈ ਕਾਰਵਾਈ ਨਹੀ ਕੀਤੀ।
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਅਤੇ ਵਿਸ਼ੇਸ਼ ਅਧਿਆਪਕ ਯੂਨੀਅਨ ਦੇ ਆਗੂ ਕੁਲਦੀਪ ਸਿੰਘ, ਰਜਿੰਦਰ ਸਿੰਘ, ਪ੍ਰਵੀਨ ਸ਼ਰਮਾਂ, ਜਗਮੋਹਨ ਸਿੰਘ, ਚਮਕੌਰ ਸਿੰਘ, ਜਤਿਨ ਮਹਿਤਾ, ਹਰੀ ਸ਼ੰਕਰ, ਰਾਮੇਸ਼ ਸਹਾਰਨ, ਕੁਲਵਿੰਦਰ ਸਿੰਘ ਭਾਣਾ, ਮੈਡਮ ਰੇਖਾ, ਸੁਰਿੰਦਰ ਕੁਮਾਰ ਅਤੇ ਭੁਪਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਵਿਭਾਗ ਨੂੰ ਚਲਾਉਣ ਲਈ ਦਫਤਰੀ ਮੁਲਾਜ਼ਮ ਸਰਕਾਰਾਂ ਦੀ ਰੀੜ ਦੀ ਹੱਡੀ ਮੰਨੇ ਜਾਦੇ ਹਨ ਪ੍ਰੰਤੂ ਪੰਜਾਬ ਦਾ ਸਿੱਖਿਆ ਵਿਭਾਗ ਕਿਸੇ ਵੀ ਪਾਰਟੀ ਦੀ ਸਰਕਾਰ ਆਈ ਹੋਵੇ ਦਫਤਰੀ ਮੁਲਾਜ਼ਮਾਂ ਨਾਲ ਵਿਤਕਰਾ ਹੀ ਕਰਦਾ ਰਿਹਾ ਹੈ। ਸਿੱਖਿਆ ਵਿਭਾਗ ਵੱਲੋਂ ਹਰ ਵਾਰ ਦਫਤਰੀ ਮੁਲਾਜ਼ਮਾਂ ਨੂੰ ਬਣਦੇ ਹੱਕ ਦੇਣ ਦੀ ਬਜਾਏ ਹਰ ਵਾਰ ਵਿਸਾਰਿਆ ਜਾ ਰਿਹਾ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਫੈਸਲਾ ਲੈਣ ਦੇ ਬਾਵਜੂਦ ਵੀ 17 ਮਹੀਨਿਆ ਦੌਰਾਨ ਸਿੱਖਿਆ ਵਿਭਾਗ ਵੱਲੋਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਕੰਮ ਨੂੰ ਅਮਲੀ ਜਾਮਾ ਨਹੀ ਪਹਿਨਾਇਆ ਗਿਆ। ਆਗੂਆਂ ਨੇ ਦੱਸਿਆ ਕਿ 17 ਮਹੀਨਿਆਂ ਦੌਰਾਨ ਸਿੱਖਿਆ ਮੰਤਰੀ ਅਤੇ ਵਿਭਾਗੀ ਅਧਿਕਾਰੀਆ ਵੱਲੋਂ ਮੁਲਾਜ਼ਮਾਂ ਨਾਲ ਅਨੇਕਾਂ ਮੀਟਿੰਗਾਂ ਕੀਤੀਆਂ ਗਈਆਂ ਪਰ ਸਿਰਫ ਭਰੋਸੇ ਤੇ ਲਾਰੇ ਵਿਚ ਸਮਾਂ ਟਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਵਿਭਾਗ ਨੂੰ ਹਦਾਇਤ ਕਰ ਦਿੱਤੀ ਹੈ ਤਾਂ ਸਿੱਖਿਆ ਮੰਤਰੀ ਪੰਜਾਬ ਅਤੇ ਸਿੱਖਿਆ ਵਿਭਾਗ ਪੰਜਾਬ ਹੁਣ ਕਿਸ ਗੱਲ ਦਾ ਇੰਤਜ਼ਾਰ ਕਰ ਰਹੇ ਹਨ। ਆਗੂਆ ਨੇ ਕਿਹਾ ਕਿ 17 ਮਹੀਨਿਆ ਦੋਰਾਨ ਵਿਭਾਗ ਨੇ ਨਾ ਤਾਂ ਮੁਲਾਜ਼ਮਾਂ ਦੀ ਤਨਖਾਹ ਕਟੋਤੀ ਦਾ ਹੱਲ ਕੀਤਾ ਅਤੇ ਨਾ ਹੀ ਰੈਗੂਲਰ ਦਾ ਮਸਲਾ ਹੱਲ ਕੀਤਾ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ਤੇ ਸਿੱਖਿਆ ਵਿਭਾਗ ਵਿਚ ਕੱਚੇ ਅਧਿਆਪਕਾਂ ਦੀ ਭਰਤੀ ਹੁੰਦੀ ਰਹੀ ਤੇ ਸਰਕਾਰਾਂ ਉਨ੍ਹਾਂ ਨੂੰ ਪੂਰੇ ਲਾਭ ਦੇ ਕੇ ਪੱਕਿਆ ਕਰਦੀਆ ਰਹੀਆ ਹਨ ਤੇ ਇਹੀ ਸਿਲਸਿਲਾ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਵੀ ਚੱਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਪਿਛਲੇ 1 ਸਾਲ ਤੋਂ ਖੂਬ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਸੱਚਾਈ ਤੋਂ ਕੋਹਾਂ ਦੂਰ ਹੈ। ਮੁੱਖ ਮੰਤਰੀ ਸੂਬੇ ਦੀ ਸੁਪਰੀਮ ਪਾਵਰ ਹੁੰਦਾ ਹੈ ਪਰ ਜੇਕਰ ਮੁੱਖ ਮੰਤਰੀ ਦੇ ਫ਼ੈਸਲੇ ਨੂੰ ਹੀ ਅਮਲੀ ਰੂਪ ਨਾ ਮਿਲੇ ਤਾਂ ਫਿਰ ਸੂਬੇ ਦੀ ਜਨਤਾ ਜਾਂ ਮੁਲਾਜ਼ਮ ਕਿਸ ਕੋਲ ਜਾ ਕੇ ਫ਼ਰਿਆਦ ਕਰਨਗੇ।
ਆਗੂਆਂ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ। ਆਗੂਆ ਨੇ ਕਿਹਾ ਕਿ ਦਫ਼ਤਰੀ ਕਰਮਚਾਰੀਆ ਵੱਲੋਂ 6 ਜੁਲਾਈ 2023 ਨੂੰ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ ਸੀ ਜਿਸ ਦੋਰਾਨ 7 ਜੁਲਾਈ ਨੂੰ ਡੀ ਜੀ ਐਸ ਈ ਪੰਜਾਬ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਮੁਲਾਜ਼ਮਾਂ ਨਾਲ ਮੀਟਿੰਗਾਂ ਕੀਤੀਆ ਗਈਆ ਅਤੇ 11 ਜੁਲਾਈ ਨੂੰ ਮੁਲਾਜ਼ਮ ਮੰਗਾਂ ਤੇ ਸਹਿਮਤੀ ਬਨਣ ਤੇ ਕਲਮ ਛੋੜ ਹੜਤਾਲ ਖਤਮ ਕਰ ਦਿੱਤੀ ਗਈ ਸੀ ਪ੍ਰੰਤੂ 3 ਮਹੀਨੇ ਦਾ ਸਮਾਂ ਬੀਤਣ ਤੇ ਵੀ ਕੱਚੇ ਦਫਤਰੀ ਮੁਲਾਜ਼ਮਾਂ ਦੀਆ ਮੰਗਾਂ ਦਾ ਕੋਈ ਹੱਲ ਨਹੀ ਹੋਇਆ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਫੈਸਲੇ ਤੋਂ ਬਾਅਦ ਵਿਭਾਗ ਕਿਸ ਚੀਜ਼ ਦੀ ਉਡੀਕ ਕਰ ਰਿਹਾ ਹੈ ਜੋ ਕਿ 17 ਮਹੀਨਿਆ ਵਿਚ ਪੂਰੀ ਨਹੀ ਹੋਈ। ਆਗੂਆ ਨੇ ਕਿਹਾ ਕਿ ਸਮੁੱਚੇ ਦਫਤਰੀ ਮੁਲਾਜ਼ਮਾਂ ਵਿਚ ਰੋਸ ਹੈ। ਆਗੂਆ ਨੇ ਸਿੱਖਿਆ ਵਿਭਾਗ ਨੂੰ ਦਿਵਾਲੀ ਤੱਕ ਦਾ ਅਲਟੀਮੇਟਮ ਦਿੰਦੇ ਹੋਏ ਐਲਾਨ ਕੀਤਾ ਕਿ ਜੇਕਰ ਵਿਭਾਗ ਨੇ ਦਿਵਾਲੀ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਾ ਕੀਤਾ ਤਾਂ ਮੁਲਾਜ਼ਮ ਪੱਕਾ ਧਰਨਾ ਲਗਾ ਕੇ ਵਿਭਾਗ ਦਾ ਕੰਮ ਵੀ ਠੱਪ ਕਰਨਗੇ।
ਇਸ ਮੌਕੇ ਭਰਾਤਰੀ ਜਥੇਬੰਦੀਆਂ ਵੱਲੋਂ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜਨਰਲ ਸਕੱਤਰ ਹਰਦੀਪ ਸਿੰਘ ਟੋਡਰਪੁਰ, ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਆਗੂ ਦੀਨਾ ਨਾਥ, ਅਮਨਦੀਪ ਸਿੰਘ, ਰਾਜੀਵ ਪਾਤੜਾਂ, ਯਾਦਵਿੰਦਰ ਸਿੰਘ, ਗੁਰਤੇਜ ਸਿੰਘ, ਅਮਨਿੰਦਰ ਸਿੰਘ, ਡੀਟੀਐੱਫ ਦੇ ਆਗੂ ਬਲਵੀਰ ਚੰਦ ਲੌਂਗੋਵਾਲ, ਸੁਖਜਿੰਦਰ ਸਿੰਘ ਅਤੇ ਜਸਵੀਰ ਸਿੰਘ ਨਮੋਲ ਆਦਿ ਹਾਜ਼ਰ ਸਨ।
https://whatsapp.com/channel/0029VaAAKgh5Ui2ZrSH0Ms1b
0 comments:
Post a Comment