Jul 26, 2023
ਪੰਜਾਬ ਸਰਕਾਰ ਵੱਲੋਂ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਦਾ ਕੀਤਾ ਪਰਦਾਫਾਸ਼: ਦੋ ਹੋਰ ਸਰਟੀਫਿਕੇਟ ਕੀਤੇ ਰੱਦ: ਡਾ. ਬਲਜੀਤ ਕੌਰ
ਏਸ਼ੀਅਨ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਰਾਸ਼ਟਰੀ ਖੇਡਾਂ 'ਚ ਸ਼ਾਮਲ ਕਰਨ ਲਈ ਖੁਸ਼ੀ ਦਾ ਪ੍ਰਗਟਾਵਾ
ਭਵਿੱਖ ਗੱਤਕਾ ਬਣੇਗਾ ਅੰਤਰਰਾਸ਼ਟਰੀ ਖੇਡ : ਜਸਵੰਤ ਸਿੰਘ ਗੋਗਾ
ਚੰਡੀਗੜ੍ਹ, 26 ਜੁਲਾਈ, 2023 : ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਏਸ਼ੀਅਨ ਗੱਤਕਾ ਫੈਡਰੇਸ਼ਨ ਨੇ ਭਾਰਤ ਦੀਆਂ 37ਵੀਆਂ ਰਾਸ਼ਟਰੀ ਖੇਡਾਂ ਵਿੱਚ ਗੱਤਕਾ ਖੇਡ ਨੂੰ ਸ਼ਾਮਲ ਕਰਨ ਲਈ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਹ ਮਾਨਤਾ ਮਿਲਣ ਨਾਲ ਹੁਣ ਵਿਦੇਸ਼ਾਂ ਵਿੱਚ ਵੀ ਗੱਤਕਾ ਖੇਡ ਨੂੰ ਪ੍ਰਫੁੱਲਤ ਕਰਨ ਵਿੱਚ ਮੱਦਦ ਮਿਲੇਗੀ ਅਤੇ ਇੱਕ ਮੁਕਾਬਲੇ ਵਾਲੀ ਖੇਡ ਵਜੋਂ ਮਾਨਤਾ ਦਿਵਾਉਣੀ ਸੁਖਾਲੀ ਹੋ ਜਾਵੇਗੀ।
ਇੱਕ ਬਿਆਨ ਵਿੱਚ ਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਜਸਵੰਤ ਸਿੰਘ ਗੋਗਾ ਨੇ ਕਿਹਾ ਕਿ ਇਸ ਪ੍ਰਾਪਤੀ ਨਾਲ ਵਿਸ਼ਵ ਭਰ ਦੇ ਗੱਤਕਾ ਖਿਡਾਰੀਆਂ, ਤਕਨੀਕੀ ਅਧਿਕਾਰੀਆਂ ਅਤੇ ਪ੍ਰਮੋਟਰਾਂ ਵਿੱਚ ਬਹੁਤ ਖੁਸ਼ੀ ਦੀ ਲਹਿਰ ਹੈ।
ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਵੱਡੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ, ਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਨੇ ਗੱਤਕੇ ਨੂੰ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਕਰਨ ਲਈ ਕੇਂਦਰੀ ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ, ਅਨੁਰਾਗ ਠਾਕੁਰ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਉਹ ਇਸ ਪ੍ਰਾਚੀਨ ਭਾਰਤੀ ਕਲਾ ਨੂੰ ਉਤਸ਼ਾਹਿਤ ਕਰਨ ਲਈ ਭਵਿੱਖ ਵਿੱਚ ਵੀ ਨੈਸ਼ਨਲ ਗੱਤਕਾ ਐਸੋਸੀਏਸ਼ਨ ਨੂੰ ਹਰ ਤਰ੍ਹਾਂ ਦੀ ਸਹਾਇਤਾ ਅਤੇ ਹੋਰ ਮੌਕੇ ਪ੍ਰਦਾਨ ਕਰਦੇ ਰਹਿਣਗੇ।
ਜਸਵੰਤ ਸਿੰਘ ਗੋਗਾ ਨੇ ਇਸ ਇਤਿਹਾਸਕ ਪ੍ਰਾਪਤੀ 'ਤੇ ਦੁਨੀਆ ਭਰ ਦੇ ਸਾਰੇ ਗੱਤਕਾ ਖਿਡਾਰੀਆਂ ਅਤੇ ਤਕਨੀਕੀ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਇਹ ਮਹੱਤਵਪੂਰਨ ਮੀਲ ਪੱਥਰ ਹਾਸਲ ਕਰਨ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਵੱਲੋਂ ਪਿਛਲੇ ਡੇਢ ਦਹਾਕੇ ਤੋਂ ਕੀਤੇ ਜਾ ਰਹੇ ਨਿਰੰਤਰ ਅਣਥੱਕ ਯਤਨਾਂ ਦੀ ਵੀ ਸ਼ਲਾਘਾ ਕੀਤੀ ਹੈ।
ਉਨ੍ਹਾਂ ਖੁਲਾਸਾ ਕੀਤਾ ਕਿ ਗੱਤਕਾ ਖੇਡ ਦੀ ਸਿਖਰਲੀ ਗਵਰਨਿੰਗ ਬਾਡੀ ਵਜੋਂ ਕਾਰਜਸ਼ੀਲ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਵਿਸ਼ਵ ਪੱਧਰ 'ਤੇ ਪ੍ਰਫੁੱਲਤ ਕਰਨ ਅਤੇ ਮਾਨਤਾ ਦਿਵਾਉਣ ਲਈ "ਵਿਜ਼ਨ ਡਾਕੂਮੈਂਟ-2030" ਨਾਮਕ ਇੱਕ ਰੋਡਮੈਪ ਤਿਆਰ ਕੀਤਾ ਗਿਆ ਹੈ ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਇਸ ਰੋਡਮੈਪ ਨੂੰ ਏਸ਼ੀਅਨ ਮੁਲਕਾਂ ਵਿੱਚ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜਸਵੰਤ ਸਿੰਘ ਨੇ ਦੱਸਿਆ ਕਿ ਇਸ ਰੋਡਮੈਪ ਵਿੱਚ ਅਗਲਾ ਟੀਚਾ ਗੱਤਕੇ ਨੂੰ ਏਸ਼ੀਅਨ ਖੇਡਾਂ, ਸੈਫ ਖੇਡਾਂ, ਰਾਸ਼ਟਰਮੰਡਲ ਖੇਡਾਂ ਅਤੇ ਫਿਰ ਓਲੰਪਿਕ ਖੇਡਾਂ ਵਿੱਚ ਸ਼ਾਮਲ ਕਰਾਉਣਾ ਹੈ।
ਉਨ੍ਹਾਂ ਇਸ ਟੀਚੇ ਨੂੰ ਪ੍ਰਾਪਤ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆ ਕਿਹਾ ਕਿ ਗੱਤਕੇ ਦੇ ਨਾਲ ਦੀਆਂ ਹੋਰ ਸਮਕਾਲੀ ਖੇਡਾਂ ਪਹਿਲਾਂ ਹੀ ਉਪਰੋਕਤ ਅੰਤਰਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਹੋ ਚੁੱਕੀਆਂ ਹਨ। ਜਸਵੰਤ ਸਿੰਘ ਨੇ ਦੱਸਿਆ ਕਿ ਏਸ਼ੀਅਨ ਗੱਤਕਾ ਫੈਡਰੇਸ਼ਨ ਪਰਵਾਸੀ ਭਾਈਚਾਰੇ ਦੇ ਨਿਰੰਤਰ ਸਹਿਯੋਗ ਨਾਲ ਗੱਤਕੇ ਨੂੰ ਜਲਦੀ ਹੀ ਇੱਕ ਵਿਸ਼ਵ ਪੱਧਰੀ ਖੇਡ ਵਜੋਂ ਮਾਨਤਾ ਦਿਵਾਏਗੀ। ਉਨ੍ਹਾਂ ਸਮੂਹ ਸੰਗਤਾਂ ਨੂੰ ਇਸ ਮਿਥੇ ਉਦੇਸ਼ ਲਈ ਹਰ ਪੱਖੋਂ ਮੱਦਦ ਕਰਨ ਅਤੇ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ ਤਾਂ ਜੋ ਇਸ ਟੀਚੇ ਨੂੰ ਹਕੀਕਤ ਵਿੱਚ ਬਦਲਿਆ ਜਾ ਸਕੇ।
Jul 25, 2023
1000 ਅਰਜੀਆਂ ਪ੍ਰਾਪਤ ਕਰਨ ਵਾਲਾ ਬਠਿੰਡਾ ਬਣਿਆ ਪੰਜਾਬ ਦਾ ਪਹਿਲਾ ਜ਼ਿਲ੍ਹਾ : ਡਿਪਟੀ ਡਾਇਰੈਕਟਰ ਬਾਗਬਾਨੀ
--ਕਰੀਬ 205 ਕਰੋੜ ਰੁਪਏ ਦੀ ਕਰਜ਼ਾ ਰਾਸ਼ੀ ਹੋ ਚੁੱਕੀ ਹੈ ਮੰਨਜ਼ੂਰ
ਬਠਿੰਡਾ, 25 ਜੁਲਾਈ : ਐਗਰੀਕਲਚਰ ਇੰਨਫਰਾਸਟਰਕਚਰ ਫੰਡ ਸਕੀਮ ਪੰਜਾਬ ਵਿੱਚ ਖੇਤੀਬਾੜੀ ਫਸਲਾਂ ਦੀ ਵਾਢੀ/ਤੁੜਾਈ ਤੋਂ ਬਾਅਦ ਸਾਂਭ-ਸੰਭਾਲ ਅਤੇ ਪ੍ਰੋਸੈਸਿੰਗ ਲਈ ਲੋੜੀਂਦੇ ਬੁਨਿਆਦੀ ਢਾਂਚੇ ਅਤੇ ਭਾਈਚਾਰਕ ਖੇਤੀ ਸੰਪਤੀਆਂ ਦੀ ਸਿਰਜਣਾ ਕਰਨ ਵਿੱਚ ਤੇਜੀ ਨਾਲ ਅੱਗੇ ਵੱਧ ਰਹੀ ਹੈ। ਬਾਗਬਾਨੀ ਵਿਭਾਗ, ਪੰਜਾਬ ਇਸ ਯੋਜਨਾ ਨੂੰ ਰਾਜ ਵਿੱਚ ਲਾਗੂ ਕਰਵਾਉਣ ਲਈ ਬਤੌਰ ਨੋਡਲ ਏਜੰਸੀ ਕੰਮ ਕਰ ਰਿਹਾ ਹੈ। ਇਹ ਜਾਣਕਾਰੀ ਸ੍ਰੀ ਗੁਰਸ਼ਰਨ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ, ਬਠਿੰਡਾ ਸਾਂਝੀ ਕੀਤੀ।
ਸ੍ਰੀ ਗੁਰਸ਼ਰਨ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਅਧੀਨ 20 ਜੁਲਾਈ 2023 ਤੱਕ ਪੰਜਾਬ ਨੂੰ 4353.66 ਕਰੋੜ ਰੁਪੈ ਦੇ ਪ੍ਰੋਜੈਕਟਾਂ ਲਈ ਕੁੱਲ 8124 ਅਰਜੀਆਂ ਪ੍ਰਾਪਤ ਹੋਈਆਂ ਹਨ, ਜਿਸ ਵਿੱਚੋ 2345.67 ਕਰੋੜ ਰੁਪੈ ਦੇ ਕਰਜੇ ਦੀ ਰਕਮ ਹੈ ਅਤੇ 1259.17 ਕਰੋੜ ਰੁਪੈ ਦੇ ਕਰਜੇ ਮੰਨਜ਼ੂਰ ਹੋ ਚੁੱਕੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਸਮੂਹ ਜਿਲ੍ਹਿਆਂ ਵਿੱਚੋ ਜ਼ਿਲ੍ਹਾ ਬਠਿੰਡਾ ਇਸ ਸਕੀਮ ਤਹਿਤ 1000 ਤੋ ਵੱਧ ਅਰਜੀਆਂ ਪ੍ਰਾਪਤ ਕਰਨ ਵਾਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ। 20 ਜੁਲਾਈ 2023 ਤੱਕ ਜ਼ਿਲ੍ਹਾ ਬਠਿੰਡਾ ਨੂੰ 318.22 ਕਰੋੜ ਦੇ ਪ੍ਰੋਜੈਕਟਾਂ ਲਈ ਕੁੱਲ 1064 ਅਰਜੀਆਂ ਪ੍ਰਾਪਤ ਹੋਈਆਂ ਹਨ, ਜਿਸ ਵਿੱਚੋ 205.56 ਕਰੋੜ ਰੁਪੈ ਕਰਜਾ ਰਾਸ਼ੀ ਹੈ ਅਤੇ 104.77 ਕਰੋੜ ਰੁਪੈ ਮੰਨਜ਼ੂਰ ਹੋ ਚੁੱਕੇ ਹਨ। ਇਸ ਸਕੀਮ ਤਹਿਤ ਕਸਟਮ ਹਾਇਰਿੰਗ ਸੈਂਟਰ, ਪ੍ਰਾਇਮਰੀ ਪ੍ਰੋਸੈਸਿੰਗ ਸੈਂਟਰ, ਪੋਸਟ ਹਾਰਵੈਸਟ ਇੰਨਫਰਾਸਟਰਕਚਰ, ਗਰੇਡਿੰਗ ਯੂਨਿਟ, ਸੋਲਰ ਪੈਨਲ ਆਦਿ ਪ੍ਰਮੁੱਖ ਬੁਨਿਆਂਦੀ ਢਾਂਚੇ ਸਥਾਪਿਤ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਐਗਰੀਕਲਚਰ ਇੰਨਫਰਾਸਟਰਕਚਰ ਫੰਡ ਸਕੀਮ ਤਹਿਤ 2 ਕਰੋੜ ਰੁਪੈ ਦੀ ਕਰਜਾ ਰਾਸ਼ੀ ਤੇ 7 ਸਾਲਾਂ ਲਈ 3 ਪ੍ਰਤੀਸ਼ਤ ਵਿਆਜ ਤੇ ਛੋਟ ਦਿੱਤੀ ਜਾਂਦੀ ਹੈ। ਇਸ ਸਕੀਮ ਨੂੰ ਯੋਗ ਪ੍ਰੋਜੈਕਟਾਂ ਲਈ ਸਾਰੀਆਂ ਰਾਜ ਅਤੇ ਕੇਂਦਰੀ ਸਕੀਮਾਂ ਦੇ ਨਾਲ ਜੋੜਿਆ ਜਾ ਸਕਦਾ ਹੈ। ਇਸ ਸਕੀਮ ਤਹਿਤ ਕਿਸੇ ਵੀ ਤਰ੍ਹਾਂ ਦੇ ਸਵਾਲ ਪੁੱਛਣ ਲਈ ਇੱਕ ਵਟਸਐਪ ਨੰਬਰ 9056092906 ਸਥਾਪਿਤ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 2025 ਤੱਕ ‘‘ਟੀ.ਬੀ-ਮੁਕਤ ਪੰਜਾਬ’’ ਦਾ ਟੀਚਾ ਮਿੱਥਿਆ, ਪਿੰਡਾਂ ਵਿੱਚੋਂ ਟੀ.ਬੀ. ਦੇ ਖ਼ਾਤਮੇ ਲਈ ਪੰਚਾਇਤਾਂ ਨੂੰ ਸੌਂਪੀ ਜ਼ਿੰਮੇਵਾਰੀ
ਡਿਪਟੀ ਕਮਿਸ਼ਨਰਾਂ ਨੂੰ ‘‘ਟੀ.ਬੀ-ਮੁਕਤ ਪਿੰਡ’’ ਐਲਾਨਣ ਸਬੰਧੀ ਮੁਹਿੰਮ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ
ਚੰਡੀਗੜ੍ਹ, 25 ਜੁਲਾਈ:
ਪੰਜਾਬ ਨੂੰ 2025 ਤੱਕ ‘‘ਟੀ.ਬੀ-ਮੁਕਤ’’ ਬਣਾਉਣ ਦਾ ਟੀਚਾ ਮਿੱਥਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਦੀਆਂ ਸਮੂਹ ਪੰਚਾਇਤਾਂ ਨੂੰ ਪਿੰਡਾਂ ਵਿੱਚੋਂ ਟੀ.ਬੀ. ਦੇ ਖ਼ਾਤਮੇ ਦੀ ਜ਼ਿੰਮੇਵਾਰੀ ਸੌਂਪੀ ਜਿਸ ਤਹਿਤ ਪੰਚਾਇਤਾਂ ਪੇਂਡੂ ਖੇਤਰ ਵਿੱਚੋਂ ਟੀ.ਬੀ. ਦੇ ਖ਼ਾਤਮੇ ਲਈ ਵਿਆਪਕ ਪਹੁੰਚ ਅਪਣਾਉਂਦਿਆਂ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ, ਪਿੰਡਾਂ ਵਿੱਚ ਕੈਂਪਾਂ ਲਾਉਣ ਅਤੇ "ਟੀਬੀ-ਮੁਕਤ ਪਿੰਡ" ਐਲਾਨਣ ਸਬੰਧੀ ਲੋੜੀਂਦੇ ਮਾਪਦੰਡਾਂ ਨੂੰ ਪੂਰਾ ਕਰਨ ਦੀ ਪ੍ਰਕਿਰਿਆ ਪੂਰੀ ਕਰਨ ਲਈ ਪਾਬੰਦ ਹੋਣਗੀਆਂ।
ਇੱਥੇ ਆਪਣੇ ਦਫ਼ਤਰ ਵਿਖੇ ਸਿਹਤ ਵਿਭਾਗ ਦੇ ਸਟੇਟ ਟੀ.ਬੀ. ਸੈੱਲ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਟੀ.ਬੀ (ਤਪਦਿਕ) ਦੀ ਰੋਕਥਾਮ ਲਈ ਇਹ ਮਿਸਾਲੀ ਕਦਮ ਚੁੱਕਿਆ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਅਤੇ ਸਿਹਤ ਵਿਭਾਗ ਦੇ ਆਪਸੀ ਸਹਿਯੋਗ ਨਾਲ ਸੂਬੇ ਦੇ ਹਰ ਪਿੰਡ ਵਿੱਚ ਇਹ ਸਮਰਪਿਤ ਮੁਹਿੰਮ ਚਲਾਈ ਜਾਵੇਗੀ।
ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ‘‘ਟੀ.ਬੀ-ਮੁਕਤ ਪਿੰਡ ਮੁਹਿੰਮ’’ ਤਹਿਤ ਸਾਰੀਆਂ ਪੰਚਾਇਤਾਂ ਆਪੋ-ਆਪਣੇ ਪਿੰਡਾਂ ਵਿੱਚ ਲੋਕਾਂ ਨੂੰ ਟੀ.ਬੀ ਦੀ ਬੀਮਾਰੀ ਬਾਰੇ ਜਾਗਰੂਕ ਕਰਨਗੀਆਂ ਅਤੇ ਪ੍ਰਭਾਵਿਤ ਵਿਅਕਤੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦਾ ਛੇਤੀ ਤੋਂ ਛੇਤੀ ਇਲਾਜ ਯਕੀਨੀ ਬਣਾਉਣਗੀਆਂ। ਇਸ ਤੋਂ ਇਲਾਵਾ ਬੀਮਾਰੀ ਨਾਲ ਜੁੜੇ ਭਰਮ-ਭੁਲੇਖਿਆਂ ਨਾਲ ਨਜਿੱਠਣ ਲਈ ਵਿਭਾਗ ਦੀ ਸਹਾਇਤਾ ਕਰਨਗੀਆਂ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ‘‘ਟੀ.ਬੀ-ਮੁਕਤ ਪੰਜਾਬ ਮੁਹਿੰਮ’’ ਤਹਿਤ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਪੰਚਾਇਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਤੁਰੰਤ ਆਪਣੇ ਅਧੀਨ ਜ਼ਿਲ੍ਹਾ ਅਧਿਕਾਰੀਆਂ ਨੂੰ ਸਮੂਹ ਪੰਚਾਇਤਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰਨ। ਕੈਬਨਿਟ ਮੰਤਰੀ ਨੇ ਟੀ.ਬੀ ਦੇ ਖ਼ਾਤਮੇ ਵਿੱਚ ਪੰਚਾਇਤਾਂ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੰਦਿਆਂ ਇਸ ਅਹਿਮ ਮਿਸ਼ਨ ਵਿੱਚ ਸਮੁੱਚੇ ਭਾਈਚਾਰੇ ਨੂੰ ਸ਼ਾਮਲ ਕਰਨ ਦੀ ਮਹੱਤਤਾ ’ਤੇ ਵੀ ਵਿਸ਼ੇਸ਼ ਧਿਆਨ ਦਿਵਾਇਆ।
ਉਨ੍ਹਾਂ ਕਿਹਾ ਕਿ ਸਾਰੀਆਂ ਪੰਚਾਇਤਾਂ ਦੇ ਮੈਂਬਰ ਪਿੰਡ ਵਾਸੀਆਂ ਨੂੰ ਟੀ.ਬੀ ਦੇ ਕਾਰਨਾਂ, ਲੱਛਣਾਂ ਅਤੇ ਇਲਾਜ ਲਈ ਨੇੜਲੀਆਂ ਸਿਹਤ ਸੰਸਥਾਵਾਂ ਬਾਰੇ ਜਾਣਕਾਰੀ ਦੇਣ ਲਈ ਪਿੰਡਾਂ ਵਿੱਚ ਕੈਂਪ ਤੇ ਵਰਕਸ਼ਾਪ ਲਾਉਣ, ਜਾਗਰੂਕਤਾ ਮੁਹਿੰਮਾਂ ਚਲਾਉਣ ਅਤੇ ਸਕੂਲਾਂ ਵਿੱਚ ਵਿੱਦਿਅਕ ਪ੍ਰੋਗਰਾਮ ਕਰਾਉਣ ਲਈ ਸਰਗਰਮੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਟੀ.ਬੀ. ਸਬੰਧੀ ਭਰਮ-ਭੁਲੇਖੇ ਅਤੇ ਗੁਮਰਾਹਕੁੰਨ ਧਾਰਨਾਵਾਂ ਨੂੰ ਦੂਰ ਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਸਿਹਤ ਵਿਭਾਗ ਨਾਲ ਮਿਲ ਕੇ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਉਣਗੀਆਂ ਤਾਂ ਜੋ ਟੀ.ਬੀ. ਦੇ ਕੇਸਾਂ ਦੀ ਸ਼ਨਾਖ਼ਤ ਕੀਤੀ ਜਾ ਸਕੇ ਅਤੇ ਪੀੜਤਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਮਿਲਣੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਂ ਰਹਿੰਦਿਆਂ ਬੀਮਾਰੀ ਦੀ ਸ਼ਨਾਖ਼ਤ ਸਫ਼ਲ ਇਲਾਜ ਦੀਆਂ ਸੰਭਾਵਨਾਵਾਂ ਵਿੱਚ ਅਹਿਮ ਭੂਮਿਕਾ ਨਿਭਾਅ ਸਕਦੀ ਹੈ।
ਉਨ੍ਹਾਂ ਕਿਹਾ ਕਿ ਪੰਚਾਇਤਾਂ ਆਪੋ-ਆਪਣੇ ਪਿੰਡਾਂ ਨੂੰ "ਟੀ.ਬੀ ਮੁਕਤ" ਐਲਾਨਣ ਲਈ ਲੋੜੀਂਦੇ ਮਾਪਦੰਡਾਂ ਨੂੰ ਪੂਰਾ ਕਰਨ ਲਈ ਤਨਦੇਹੀ ਨਾਲ ਕੰਮ ਕਰਨਗੀਆਂ ਜਿਸ ਵਿੱਚ ਟੀ.ਬੀ ਦੇ ਕੇਸਾਂ ਵਿੱਚ ਵੱਡੇ ਪੱਧਰ ’ਤੇ ਕਮੀ ਲਿਆਉਣਾ, ਪ੍ਰਭਾਵਿਤ ਵਿਅਕਤੀਆਂ ਦਾ ਸਹੀ ਇਲਾਜ ਅਤੇ ਫਾਲੋ-ਅਪ ਯਕੀਨੀ ਬਣਾਉਣਾ ਅਤੇ ਉੱਚ-ਪੱਧਰੀ ਸਵੱਛਤਾ ਤੇ ਸਫ਼ਾਈ ਬਰਕਰਾਰ ਰੱਖਣਾ, ਮਰੀਜ਼ਾਂ ਨੂੰ ਦਵਾਈਆਂ ਅਤੇ ਜ਼ਰੂਰੀ ਪੌਸ਼ਟਿਕ ਆਹਾਰ ਪ੍ਰਦਾਨ ਕਰਨਾ ਸ਼ਾਮਲ ਹੈ।
ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਨ ਤਾਂ ਜੋ ਉਹ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਸਹਾਇਤਾ ਨਾਲ ਪਿੰਡਾਂ ਵਿੱਚ ਇਸ ਮੁਹਿੰਮ ਦੇ ਲਾਗੂਕਰਨ ਸਬੰਧੀ ਨਜ਼ਰਸਾਨੀ ਕਰਨ। ਉਨ੍ਹਾਂ ਮੁਹਿੰਮ ਦੀ ਗਤੀਸ਼ੀਲਤਾ ਨੂੰ ਟਰੈਕ ਕਰਨ ਲਈ ਨਿਯਮਤ ਨਿਗਰਾਨੀ ਅਤੇ ਮੁਲਾਂਕਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਬਿਹਤਰ ਨਤੀਜਿਆਂ ਲਈ ਸੁਚੱਜੀ ਯੋਜਨਾਬੰਦੀ ਕਰਨ ਲਈ ਵੀ ਕਿਹਾ।
ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਟੀ.ਬੀ-ਮੁਕਤ ਸੂਬੇ ਦੀ ਦੂਰਅੰਦੇਸ਼ ਸੋਚ ਸਾਡੇ ਸਭਨਾਂ ਦੇ ਸਾਂਝੇ ਯਤਨਾਂ ’ਤੇ ਨਿਰਭਰ ਕਰਦੀ ਹੈ, ਇਸ ਲਈ ਹਰ ਨਾਗਰਿਕ ਨੂੰ ਇਸ ਨੇਕ ਕਾਰਜ ਵਿੱਚ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਇਸ ਉਪਰਾਲੇ ਨੂੰ ਪੂਰਨ ਰੂਪ ’ਚ ਸਫ਼ਲ ਬਣਾਉਣ ਲਈ ਪੰਚਾਇਤਾਂ ਦੇ ਸਮਰਪਣ ਅਤੇ ਲੋਕਾਂ ਦੀ ਸੁਹਿਰਦਤਾ ’ਤੇ ਭਰੋਸਾ ਪ੍ਰਗਟਾਇਆ।
ਉਨ੍ਹਾਂ ਕਿਹਾ ਕਿ ਸਾਰੇ ਭਾਈਵਾਲਾਂ ਦੇ ਸਾਂਝੇ ਯਤਨਾਂ ਸਦਕਾ ਪੰਜਾਬ ਸਰਕਾਰ ਸੂਬੇ ਦੇ ਸਮੂਹ ਪਿੰਡਾਂ ਵਿੱਚੋਂ ਟੀ.ਬੀ. ਨੂੰ ਖ਼ਤਮ ਕਰੇਗੀ ਅਤੇ ਪੰਜਾਬ ਦੇ ਲੋਕਾਂ ਲਈ ਸਿਹਤਮੰਦ ਅਤੇ ਖ਼ੁਸ਼ਹਾਲ ਭਵਿੱਖ ਯਕੀਨੀ ਬਣਾਏਗੀ।
ਮੀਟਿੰਗ ਦੌਰਾਨ ਸਟੇਟ ਟੀ.ਬੀ ਸੈੱਲ ਦੇ ਸਟੇਟ ਟੀ.ਬੀ ਅਫ਼ਸਰ ਡਾ. ਰਾਜੇਸ਼ ਭਾਸਕਰ, ਡਾ. ਪੂਜਾ ਕਪੂਰ, ਡਾ. ਵਸੁਧਾ ਚੌਧਰੀ ਅਤੇ ਡਾ. ਪਾਰੀਤੋਸ਼ ਧਵਨ ਹਾਜ਼ਰ ਸਨ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕਾਂ ਵੱਲੋਂ ਸਾਹਮਣੇ ਲਿਆਂਦੀਆਂ ਵੱਖ-ਵੱਖ ਸਮੱਸਿਆਵਾਂ ਦਾ ਛੇਤੀ ਤੇ ਢੁੱਕਵਾਂ ਹੱਲ ਕਰਨ ‘ਤੇ ਦਿੱਤਾ ਜ਼ੋਰ
• ਪੰਜਾਬ ਦੇ ਵਿੱਤ, ਟਰਾਂਸਪੋਰਟ, ਸਿਹਤ ਅਤੇ ਗ੍ਰਹਿ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਵੱਖ-ਵੱਖ ਬੈਂਕਾਂ ਦੇ ਜ਼ੋਨਲ ਮੈਨੇਜਰਾਂ ਨਾਲ ਕੀਤੀ ਮੀਟਿੰਗ
ਚੰਡੀਗੜ, 25 ਜੁਲਾਈ:
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਈ ਵਿਧਾਇਕਾਂ ਵੱਲੋਂ ਸਾਹਮਣੇ ਲਿਆਂਦੀਆਂ ਆਮ ਲੋਕਾਂ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਦਾ ਛੇਤੀ ਤੇ ਢੁੱਕਵਾਂ ਹੱਲ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਹੈ। ਸ. ਸੰਧਵਾਂ ਨੇ ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬ ਦੇ ਵਿੱਤ, ਟਰਾਂਸਪੋਰਟ, ਸਿਹਤ ਅਤੇ ਗ੍ਰਹਿ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਵੱਖ-ਵੱਖ ਬੈਂਕਾਂ ਦੇ ਜ਼ੋਨਲ ਮੈਨੇਜਰਾਂ ਨਾਲ ਇਨ੍ਹਾਂ ਸਮੱਸਿਆਵਾਂ ਦਾ ਸੁਯੋਗ ਨਿਪਟਾਰਾ ਕਰਨ ਲਈ ਵਿਚਾਰ-ਵਟਾਂਦਰਾ ਕੀਤਾ।
ਸ. ਸੰਧਵਾਂ ਨੇ ਦੱਸਿਆ ਕਿ ਸਰਕਾਰੀ ਅਤੇ ਨਿੱਜੀ ਬੈਂਕਾਂ ਵੱਲੋਂ ਕਰਜਾ ਮਨਜ਼ੂਰੀ/ਵੰਡਣ ਸਮੇਂ ਕਰਜ਼ਾ ਲੈਣ ਵਾਲੇ ਵਿਅਕਤੀ ਦਾ ਜਬਰਦਸਤੀ ਬੀਮਾ ਕਰਵਾਇਆ ਜਾਂਦਾ ਹੈ, ਜਦਕਿ ਅਜਿਹਾ ਕੋਈ ਕਾਨੂੰਨ ਨਹੀਂ। ਉਨ੍ਹਾਂ ਜ਼ੋਨਲ ਬੈਂਕ ਮੈਨੇਜ਼ਰਾਂ ਨੂੰ ਕਿਹਾ ਕਿ ਆਮ ਲੋਕਾਂ ਅਤੇ ਕਿਸਾਨਾਂ ਵੱਲੋਂ ਵੱਖ-ਵੱਖ ਕਰਜ਼ੇ ਲੈਣ ਮੌਕੇ ਜਬਰਦਸਤੀ ਬੀਮਾ ਨਾ ਕੀਤਾ ਜਾਵੇ।ਵਿਚਾਰ-ਵਟਾਂਦਰੇ ਦੌਰਾਨ ਬੈਂਕ ਮੈਨੇਜਰਾਂ ਨੇ ਸਪੀਕਰ ਨੂੰ ਦੱਸਿਆ ਕਿਹਾ ਕਿ ਕਰਜ਼ਾ ਲੈਣ ਲਈ ਅਜਿਹੀ ਕੋਈ ਸ਼ਰਤ ਲਾਜ਼ਮੀ ਨਹੀਂ ਕੀਤੀ ਹੈ।
ਸ. ਸੰਧਵਾਂ ਨੇ ਵੱਖ-ਵੱਖ ਬੈਂਕਾਂ ਦੇ ਜ਼ੋਨਲ ਮੈਨੇਜਰਾਂ ਨੂੰ ਕਿਹਾ ਕਿ ਉਹ ਆਪਣੀਆਂ ਸਬੰਧਤ ਬੈਂਕਾਂ ‘ਚ ਕਰਜ਼ਾ ਲੈਣ ਲਈ ਬੀਮਾ ਕਰਵਾਉਣਾ ਲਾਜ਼ਮੀ ਨਹੀਂ ਹੈ, ਆਦਿ ਲਿਖ ਕੇ ਸਹੀ ਢੰਗ ਨਾਲ, ਢੁਕਵੀਂ ਥਾਂ ‘ਤੇ ਡਿਸਪਲੇਅ ਕਰਨ ਅਤੇ ਕਰਜ਼ਾ ਲੈਣ ਲਈ ਸਬੰਧਤ ਹਦਾਇਤਾਂ ਦਾ ਪੰਜਾਬੀ ਅਨੁਵਾਦ ਕਰਕੇ ਕਰਜ਼ਾ ਲੈਣ ਵਾਲੇ ਵਿਅਕਤੀ ਨੂੰ ਦੇਣਾ ਯਕੀਨੀ ਬਣਾਉਣ।
ਇਸ ਮੌਕੇ ਵਿਧਾਇਕ ਅਮੋਲਕ ਸਿੰਘ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ, ਵਿਧਾਇਕ ਸ. ਬਲਕਾਰ ਸਿੱਧੂ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਜੌਏ ਸਿਨਹਾ, ਪ੍ਰਮੁੱਖ ਸਕੱਤਰ ਸਿਹਤ ਸ੍ਰੀ ਵਿਵੇਕ ਪ੍ਰਤਾਪ ਸਿੰਘ, ਸਕੱਤਰ ਟਰਾਂਸਪੋਰਟ ਸ੍ਰੀ ਦਿਲਰਾਜ ਸਿੰਘ ਸੰਧਾਵਾਲੀਆ, ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ, ਆਈ.ਜੀ. ਸੁਰੱਖਿਆ ਸ੍ਰੀ ਸ਼ਿਵ ਕੁਮਾਰ ਵਰਮਾ, ਪੰਜਾਬ ਵਿਧਾਨ ਸਭਾ ਸਕੱਤਰ ਸ੍ਰੀ ਰਾਮ ਲੋਕ ਖਟਾਣਾ, ਰਜਿਸਟਰਾਰ ਕੋਪ੍ਰੇਟਿਵ ਸੁਸਾਇਟਜ਼਼, ਐਮ.ਡੀ. ਪੰਜਾਬ ਰਾਜ ਸਹਿਕਾਰੀ ਬੈਂਕ, ਜ਼ੋਨਲ ਮੈਨਜਰ ਸਟੇਟ ਬੈਂਕ ਆਫ਼ ਇੰਡੀਆ, ਜ਼ੋਨਲ ਮੈਨਜਰ ਪੰਜਾਬ ਨੈਸ਼ਨਲ ਬੈਂਕ, ਜ਼ੋਨਲ ਮੈਨਜਰ ਐਚ.ਡੀ.ਐਫ.ਸੀ. ਅਤੇ ਜ਼ੋਨਲ ਮੈਨਜਰ ਆਈ.ਸੀ.ਆਈ.ਸੀ.ਆਈ. ਆਦਿ ਹਾਜ਼ਰ ਸਨ।
ਹੜ੍ਹਾਂ ਨਾਲ ਪ੍ਰਭਾਵਿਤ ਸਾਰੀਆਂ 595 ਥਾਵਾਂ 'ਤੇ ਬਿਜਲੀ ਸਪਲਾਈ ਬਹਾਲ: ਹਰਭਜਨ ਸਿੰਘ ਈ.ਟੀ.ਓ
ਹੜ੍ਹਾਂ ਕਾਰਨ ਪੀ.ਐਸ.ਪੀ.ਸੀ.ਐਲ ਨੂੰ 16 ਕਰੋੜ ਰੁਪਏ ਦਾ ਨੁਕਸਾਨ ਹੋਇਆ
ਰੂਪਨਗਰ, ਐਸ.ਏ.ਐਸ.ਨਗਰ, ਪਟਿਆਲਾ ਅਤੇ ਸੰਗਰੂਰ ਸਭ ਤੋਂ ਵੱਧ ਪ੍ਰਭਾਵਿਤ ਹੋਏ
ਚੰਡੀਗੜ੍ਹ, 25 ਜੁਲਾਈ
ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਰਾਜ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਸਾਰੇ 595 ਸਥਾਨਾਂ 'ਤੇ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹੇ ਰੂਪਨਗਰ, ਐਸ.ਏ.ਐਸ ਨਗਰ, ਪਟਿਆਲਾ ਅਤੇ ਸੰਗਰੂਰ ਹਨ।
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ.) ਦੇ ਬੁਨਿਆਦੀ ਢਾਂਚੇ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ ਦੇ ਨੁਕਸਾਨ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਬਿਜਲੀ ਸਪਲਾਈ 'ਤੇ ਕਾਫੀ ਪ੍ਰਭਾਵ ਪਿਆ ਅਤੇ ਜ਼ਰੂਰੀ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ। ਉਨ੍ਹਾਂ ਕਿਹਾ ਕਿ ਪੀਐਸਪੀਸੀਐਲ ਦੇ ਕਰਮਚਾਰੀਆਂ ਨੇ ਪ੍ਰਭਾਵਿਤ ਖੇਤਰਾਂ ਵਿੱਚ ਬਿਜਲੀ ਸਪਲਾਈ ਬਹਾਲ ਕਰਨ ਲਈ ਦਿਨ ਰਾਤ ਕੰਮ ਕੀਤਾ ਅਤੇ ਇਸ ਦੌਰਾਨ ਪੀਐਸਪੀਸੀਐਲ ਦੇ ਅਧਿਕਾਰੀਆਂ ਨੇ ਹਸਪਤਾਲਾਂ, ਮੈਡੀਕਲ ਸਹੂਲਤਾਂ, ਦੂਰਸੰਚਾਰ ਅਤੇ ਜਲ ਸਪਲਾਈ ਵਰਗੇ ਨਾਜ਼ੁਕ ਬੁਨਿਆਦੀ ਢਾਂਚੇ ਨੂੰ ਸਭ ਤੋਂ ਵੱਧ ਤਰਜੀਹ ਦਿੰਦਿਆਂ ਇਨ੍ਹਾਂ ਸਥਾਨਾਂ ‘ਤੇ ਬਿਜਲੀ ਬਹਾਲ ਕਰਨ ਨੂੰ ਪਹਿਲ ਦਿੱਤੀ।
ਹੜ੍ਹਾਂ ਕਾਰਨ ਪੀਐਸਪੀਸੀਐਲ ਨੂੰ ਹੋਏ ਨੁਕਸਾਨ ਦੇ ਵੇਰਵੇ ਦਿੰਦਿਆਂ ਸ. ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਕੁੱਲ 16 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ, ਜਿਸ ਵਿੱਚ 11 ਕੇਵੀ/ਐਲਟੀ ਬੁਨਿਆਦੀ ਢਾਂਚੇ ਨੂੰ ਲਗਭਗ 9 ਕਰੋੜ ਰੁਪਏ ਦਾ, ਪੀਐਸਪੀਸੀਐਲ ਦਫ਼ਤਰ ਦੇ ਬੁਨਿਆਦੀ ਢਾਂਚੇ, ਸਾਜੋ ਸਮਾਨ ਅਤੇ ਰਿਕਾਰਡ ਨੂੰ ਲਗਭਗ 1.5 ਕਰੋੜ ਰੁਪਏ ਦਾ, ਅਤੇ 66ਕੇਵੀ ਸਬਸਟੇਸ਼ਨਾਂ ਨੂੰ ਕਰੀਬ 5.5 ਕਰੋੜ ਰੁਪਏ ਦਾ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਨੁਕਸਾਨ ਵਿੱਚ ਮੁੱਖ ਤੌਰ ‘ਤੇ ਉਖੜੇ ਖੰਭੇ, ਖਰਾਬ ਹੋਏ ਟਰਾਂਸਫਾਰਮਰ, ਅਤੇ ਹੜ੍ਹਾਂ ਨਾਲ ਭਰੇ ਸਬਸਟੇਸ਼ਨ ਸ਼ਾਮਲ ਹਨ ਜਿੱਥੇ ਉਪਕਰਣਾਂ ਅਤੇ ਬਿਜਲੀ ਦੀਆਂ ਲਾਈਨਾਂ ਨੂੰ ਨੁਕਸਾਨ ਪਹੁੰਚਿਆ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ 66 ਕੇਵੀ ਦੇ 20 ਸਬ-ਸਟੇਸ਼ਨਾਂ ਵਿੱਚ ਪਾਣੀ ਭਰ ਗਿਆ ਸੀ ਜਿਸ ਕਾਰਨ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪੁੱਜਾ।
ਹੋਰ ਜਾਣਕਾਰੀ ਦਿੰਦਿਆਂ ਸ. ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਹੜ੍ਹਾਂ ਦਾ ਪਾਣੀ ਚਾਰਦੀਵਾਰੀ ਤੋੜ ਕੇ ਸਬ ਸਟੇਸ਼ਨਾਂ ਵਿੱਚ ਦਾਖਲ ਹੋ ਗਿਆ ਸੀ ਅਤੇ ਕੰਟਰੋਲ ਰੂਮਾਂ ਦੀਆਂ ਇਮਾਰਤਾਂ ਅਤੇ ਪਾਵਰ ਟਰਾਂਸਫਾਰਮਰ ਯਾਰਡਾਂ ਦੇ ਅੰਦਰ ਪਾਈਆਂ ਕੇਬਲਾਂ ਵਿੱਚ ਪਾਣੀ ਦਾਖਲ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਾਰਨ ਸਬਸਟੇਸ਼ਨਾਂ ਅਤੇ ਦਫਤਰਾਂ ਦੀਆਂ ਇਮਾਰਤਾਂ ਦੀਆਂ ਛੱਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਤ ਸਬਸਟੇਸ਼ਨਾਂ ਵਿੱਚੋਂ ਪਾਣੀ ਕੱਢਣ ਲਈ ਪੰਪ ਲਗਾਏ ਗਏ ਸਨ ਅਤੇ ਜਨਤਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ ਸੀ।
ਬਿਜਲੀ ਮੰਤਰੀ ਨੇ ਪੀ.ਐੱਸ.ਪੀ.ਸੀ.ਐੱਲ. ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬਿਜਲੀ ਬਹਾਲ ਕਰਨ ਲਈ ਪੇਸ਼ੇਵਰ ਪਹੁੰਚ ਦਿਖਾਉਣ ਲਈ ਵਧਾਈ ਦਿੱਤੀ। ਉਨ੍ਹਾਂ ਇਸ ਔਖੀ ਘੜੀ ਦੌਰਾਨ ਸਹਿਯੋਗ ਦੇਣ ਲਈ ਆਮ ਲੋਕਾਂ ਦਾ ਵੀ ਧੰਨਵਾਦ ਕੀਤਾ।
ਬ੍ਰਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਸਕੀਮਾਂ ਦੀ ਪ੍ਰਗਤੀ ਵਿਚ ਤੇਜ਼ੀ ਲਿਆਉਣ ਲਈ ਜੰਗਲਾਤ ਮੰਤਰੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ
- ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼
ਚੰਡੀਗੜ੍ਹ, 25 ਜੁਲਾਈ:
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਦੋਵਾਂ ਵਿਭਾਗਾਂ ਦੇ ਸਾਂਝੇ ਮੁੱਦਿਆਂ ਦੇ ਹੱਲ ਲਈ ਇਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ।
ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਨੂੰ ਸਾਫ ਪੀਣ ਯੋਗ ਪਾਣੀ ਦੇਣ ਲਈ ਸਾਰਥਕ ਯਤਨ ਕਰ ਰਹੀ ਹੈ। ਇਸ ਮਕਸਦ ਲਈ ਬਹੁਤ ਸਾਰੀਆਂ ਜਲ ਸਪਲਾਈ ਸਕੀਮਾਂ ਕਾਰਜਸ਼ੀਲ ਹਨ ਅਤੇ ਕਈ ਸਕੀਮਾਂ ਨਵੀਆਂ/ਉਸਾਰੀ ਅਧੀਨ ਹਨ। ਉਨ੍ਹਾਂ ਕਿਹਾ ਕਿ ਜਲ ਸਪਲਾਈ ਸਕੀਮਾਂ ਦੀਆਂ ਪਾਈਪ ਲਾਈਨਾਂ ਵਿਛਾਉਣ ਲਈ ਕਈ ਥਾਂਵਾਂ ‘ਤੇ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਲੋਂੜੀਦੀ ਹੁੰਦੀ ਹੈ ਜਿਸਨੂੰ ਸਮਾਂਬੱਧ ਤਰੀਕੇ ਨਾਲ ਮੰਜ਼ੂਰ ਕਰਨ ਦੀ ਲੋੜ ਹੁੰਦੀ ਹੈ ਤਾਂ ਕਿ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿਚ ਦੇਰੀ ਨਾ ਹੋਵੇ।
ਜਿੰਪਾ ਨੇ ਇਸ ਮੌਕੇ ਪੱਤਰੇ ਵਾਲਾ (ਮੁਕਤਸਰ), ਕੱਟਿਆਵਾਲੀ (ਫਾਜ਼ਿਲਕਾ), ਸੋਹਣਗੜ੍ਹ (ਫਿਰੋਜ਼ਪੁਰ), ਚਵਿੰਡਾ ਕਲਾਂ ਤੇ ਕੰਦੋਵਾਲੀ (ਅੰਮ੍ਰਿਤਸਰ), ਤਲਵਾੜਾ (ਹੁਸ਼ਿਆਰਪੁਰ), ਭੁੱਚਰ ਕਲਾਂ (ਤਰਨ ਤਾਰਨ), ਮਾਣਕਪੁਰ (ਰੂਪਨਗਰ) ਸਮੇਤ ਕਰੀਬ 17 ਨਹਿਰੀ ਜਲ ਸਪਲਾਈ ਸਕੀਮਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਲਈ ਜੰਗਲਾਤ ਵਿਭਾਗ ਦੀ ਕਲੀਰਐਂਸ ਲਾਜ਼ਮੀ ਹੈ।
ਜੰਗਲਾਤ ਮੰਤਰੀ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੀਆਂ ਸਾਰੀਆਂ ਸਕੀਮਾਂ ਲਈ ਸਮਾਂਬੱਧ ਤਰੀਕੇ ਨਾਲ ਕਲੀਐਂਸ ਜਾਰੀ ਕੀਤੀ ਜਾਵੇ ਤਾਂ ਜੋ ਇਨ੍ਹਾਂ ਸਕੀਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਦੋਵਾਂ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਸਾਂਝੇ ਮੁੱਦਿਆਂ ਨੂੰ ਹੱਲ ਕੀਤਾ ਜਾਵੇਗਾ।
ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ ਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ, ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀਸੀਸੀਐਫ ਆਰ.ਕੇ ਮਿਸ਼ਰਾ ਅਤੇ ਮੁੱਖ ਵਣਪਾਲ ਬਸੰਤਾ ਰਾਜ ਕੁਮਾਰ ਹਾਜ਼ਰ ਸਨ।
ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਲੜਕੀਆਂ ਦੇ ਹੋਸਟਲ ਦੇ ਵਿਸਤਾਰ ਤੇ ਲੜਕਿਆਂ ਲਈ ਨਵੇਂ ਹੋਸਟਲ ਦੀ ਉਸਾਰੀ ਲਈ ਜਲਦੀ 49 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
ਯੂਨੀਵਰਸਿਟੀ ਕੈਂਪਸ ਵਿੱਚ ਹੋਸਟਲਾਂ ਵਾਲੀ ਥਾਂ ਦਾ ਕੀਤਾ ਦੌਰਾ
ਪੰਜਾਬ ਯੂਨੀਵਰਸਿਟੀ ਨੂੰ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਦਾ ਹਿੱਸਾ ਦੱਸਿਆ
ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਨੂੰਨੀ ਪ੍ਰਮਾਣਿਕਤਾ ਬਾਰੇ ਰਾਜਪਾਲ ਦੇ ਬਿਆਨ ਉਤੇ ਕੀਤੀ ਟਿੱਪਣੀ
ਚੰਡੀਗੜ੍ਹ, 25 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਪੰਜਾਬ ਯੂਨੀਵਰਸਿਟੀ ਵਿੱਚ ਲੜਕੀਆਂ ਦੇ ਹੋਸਟਲ ਦੇ ਵਿਸਤਾਰ ਅਤੇ ਲੜਕਿਆਂ ਲਈ ਨਵੇਂ ਹੋਸਟਲ ਦੀ ਉਸਾਰੀ ਵਾਸਤੇ ਸੂਬਾ ਸਰਕਾਰ ਜਲਦੀ ਤਕਰੀਬਨ 49 ਕਰੋੜ ਰੁਪਏ ਜਾਰੀ ਕਰੇਗੀ।
ਹੋਸਟਲਾਂ ਵਾਲੀ ਥਾਂ ਦਾ ਦੌਰਾ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਲੜਕੀਆਂ ਦੇ ਦੋ ਮੰਜ਼ਿਲਾ ਹੋਸਟਲ ਉਤੇ ਪੰਜ ਮੰਜ਼ਿਲਾਂ ਦਾ ਹੋਰ ਨਿਰਮਾਣ ਕੀਤਾ ਜਾਵੇਗਾ, ਜਦੋਂ ਕਿ ਲੜਕਿਆਂ ਲਈ ਛੇ ਮੰਜ਼ਿਲਾ ਹੋਸਟਲ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਭਵਿੱਖੀ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਨ੍ਹਾਂ ਹੋਸਟਲਾਂ ਦਾ ਨਿਰਮਾਣ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦਾ ਧਿਆਨ ਯੂਨੀਵਰਸਿਟੀ ਵਿੱਚ ਪੜ੍ਹਾਈ ਦੌਰਾਨ ਆਪਣੇ ਲਈ ਪੇਇੰਗ ਗੈਸਟ ਜਾਂ ਰਹਿਣ ਲਈ ਕੋਈ ਹੋਰ ਥਾਂ ਲੱਭਣ ਦੀ ਬਜਾਏ ਸਿੱਖਿਆ ਉਤੇ ਕੇਂਦਰਤ ਕਰਨ ਲਈ ਇਹ ਹੋਸਟਲ ਸਮੇਂ ਦੀ ਲੋੜ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਦਾ ਹਿੱਸਾ ਹੈ ਅਤੇ ਇਸ ਨੇ ਕਈ ਅਹਿਮ ਹਸਤੀਆਂ ਪੈਦਾ ਕੀਤੀਆਂ ਹਨ, ਜਿਨ੍ਹਾਂ ਨੇ ਵੱਖ-ਵੱਖ ਖ਼ੇਤਰਾਂ ਵਿੱਚ ਆਪਣੀ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਸਟਾਫ਼, ਵਿਦਿਆਰਥੀਆਂ ਤੇ ਸੈਨੇਟ ਮੈਂਬਰਾਂ ਨੇ ਉਨ੍ਹਾਂ ਨੂੰ ਇੱਥੇ ਸੱਦਿਆ ਸੀ ਅਤੇ ਇਨ੍ਹਾਂ ਹੋਸਟਲਾਂ ਦੇ ਨਿਰਮਾਣ ਦੀ ਅਪੀਲ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਮੱਦੇਨਜ਼ਰ ਰੱਖਦਿਆਂ ਇਨ੍ਹਾਂ ਹੋਸਟਲਾਂ ਦੀ ਉਸਾਰੀ ਆਧੁਨਿਕ ਲੀਹਾਂ ਉਤੇ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਦੇ ਸਮੁੱਚੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ ਕਿਉਂਕਿ ਸੂਬੇ ਦੇ 175 ਕਾਲਜ ਇਸ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹਨ। ਉਨ੍ਹਾਂ ਕਿਹਾ ਕਿ ਇਹ ਵੀ ਵੱਡੇ ਮਾਣ ਵਾਲੀ ਗੱਲ ਹੈ ਕਿ ਸਾਡੀ ਪਾਰਟੀ ਦੇ ਕਈ ਵਿਧਾਇਕਾਂ ਨੇ ਵੀ ਇਸ ਯੂਨੀਵਰਸਿਟੀ ਤੋਂ ਸਿੱਖਿਆ ਪ੍ਰਾਪਤ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਹੋਸਟਲ ਸਿਰਫ਼ ਚਾਰ ਕੰਧਾਂ ਵਾਲੇ ਕਮਰੇ ਹੀ ਨਹੀਂ ਹੋਣਗੇ, ਸਗੋਂ ਇਹ ਸਿੱਖਿਆ ਪ੍ਰਾਪਤ ਕਰਨ ਲਈ ਅਨੁਕੂਲ ਮਾਹੌਲ ਵੀ ਮੁਹੱਈਆ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਹੋਸਟਲ ਵਿੱਚ ਸਾਫ਼-ਸੁਥਰੇ ਪਖਾਨਿਆਂ ਦੇ ਨਾਲ-ਨਾਲ ਡਾਈਨਿੰਗ ਹਾਲ ਤੇ ਕਾਮਨ ਰੂਮ ਹੋਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਹਰੇਕ ਛੇ ਕਮਰਿਆਂ ਪਿੱਛੋਂ ਪਖ਼ਾਨੇ ਬਣਾਉਣ ਦੀ ਰਵਾਇਤ ਦੇ ਉਲਟ ਹੁਣ ਹਰੇਕ ਚਾਰ ਕਮਰਿਆਂ ਮਗਰੋਂ ਪਖ਼ਾਨਿਆਂ ਦਾ ਨਿਰਮਾਣ ਕੀਤਾ ਜਾਵੇਗਾ ਤਾਂ ਕਿ ਵਿਦਿਆਰਥੀਆਂ ਨੂੰ ਸਹੂਲਤ ਮਿਲੇ। ਭਗਵੰਤ ਮਾਨ ਨੇ ਕਿਹਾ ਕਿ ਖੋਜਾਰਥੀਆਂ ਤੇ ਹੋਰਾਂ ਲਈ 38 ਕਮਰੇ ਅਟੈਚਡ ਬਾਥਰੂਮਾਂ ਵਾਲੇ ਬਣਾਏ ਜਾਣਗੇ।
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਨਿਰਮਾਣ ਮੁਕੰਮਲ ਹੋਣ ਮਗਰੋਂ ਇਹ ਹੋਸਟਲ ਵਿਦਿਆਰਥੀਆਂ ਨੂੰ ਆਪਣੇ ਅਕਾਦਮਿਕ ਸਾਲਾਂ ਦੌਰਾਨ ਘਰ ਵਰਗੀ ਠਹਿਰ ਦੇਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਆਪਣੇ ਹੋਸਟਲ ਵਾਲੇ ਕਮਰਿਆਂ ਨਾਲ ਖ਼ਾਸ ਭਾਵੁਕ ਸਾਂਝ ਹੁੰਦੀ ਹੈ, ਖ਼ਾਸ ਤੌਰ ਉਤੇ ਉਦੋਂ, ਜਦੋਂ ਉਨ੍ਹਾਂ ਦੇ ਮਾਪੇ ਜਾਂ ਦਾਦਾ-ਦਾਦੀ ਵੀ ਇੱਥੇ ਰਹਿ ਕੇ ਪੜ੍ਹੇ ਹੋਣ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਖ਼ੇਤਰ ਨੂੰ ਵਿਸ਼ੇਸ਼ ਤਵੱਜੋ ਦੇ ਰਹੀ ਹੈ, ਚਾਹੇ ਉਹ ਸਕੂਲ ਤੇ ਕਾਲਜ ਪੱਧਰ ਦੀ ਸਿੱਖਿਆ ਹੋਵੇ ਜਾਂ ਯੂਨੀਵਰਸਿਟੀ ਪੱਧਰ ਦੀ ਸਿੱਖਿਆ ਹੋਵੇ।
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸੂਬੇ ਦੇ ਸੱਭਿਆਚਾਰ, ਸਾਹਿਤ ਤੇ ਅਮੀਰ ਵਿਰਾਸਤ ਦਾ ਹਿੱਸਾ ਹੋਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਹਰਿਆਣਾ ਦੇ ਕਿਸੇ ਵੀ ਕਾਲਜ ਨੂੰ ਯੂਨੀਵਰਸਿਟੀ ਤੋਂ ਮਾਨਤਾ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਯੂਨੀਵਰਸਿਟੀ ਦਾ ਦਰਜਾ ਬਦਲਣ ਲਈ ਬਾਕਾਇਦਾ ਕੋਸ਼ਿਸ਼ਾਂ ਹੋ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਅਜਿਹੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।
ਵਿਧਾਨ ਸਭਾ ਸੈਸ਼ਨ ਦੀ ਕਾਨੂੰਨੀ ਪ੍ਰਮਾਣਕਿਤਾ ਬਾਰੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਬਿਆਨ ਉਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਚੇਤੇ ਕਰਵਾਇਆ ਕਿ ਤੁਹਾਡੇ ਨਜ਼ਰੀਏ ਤੋਂ ਤਾਂ ਬਜਟ ਸੈਸ਼ਨ ਵੀ ਗ਼ੈਰ-ਕਾਨੂੰਨੀ ਸੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਰਾਜਪਾਲ ਨੂੰ ਕਾਨੂੰਨੀ ਪਹਿਲੂਆਂ ਬਾਰੇ ਯਾਦ ਕਰਵਾਉਣ ਤੋਂ ਬਾਅਦ ਹੀ ਉਨ੍ਹਾਂ ਇਸ ਸੈਸ਼ਨ ਦੀ ਪ੍ਰਵਾਨਗੀ ਦਿੱਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸੈਸ਼ਨ ਭਾਰਤ ਦੇ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਦੇ ਅਨੁਕੂਲ ਸੀ ਅਤੇ ਇਹ ਪੂਰੀ ਤਰ੍ਹਾਂ ਜਾਇਜ਼ ਸੀ।
ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ
ਐਸ.ਏ.ਐਸ. ਨਗਰ (ਮੁਹਾਲੀ) ਤੋਂ ਪਾਇਲਟ ਪ੍ਰਾਜੈਕਟ ਵਜੋਂ ਹੋਵੇਗੀ ਸ਼ੁਰੂਆਤ
ਲੋਕਾਂ ਨੂੰ ਆਰਾਮਦਾਇਕ ਜਨਤਕ ਟਰਾਂਸਪੋਰਟ ਸੇਵਾ ਮੁਹੱਈਆ ਕਰਨ ਦੇ ਮੰਤਵ ਨਾਲ ਚੁੱਕਿਆ ਕਦਮ
ਚੰਡੀਗੜ੍ਹ, 25 ਜੁਲਾਈ
ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਜਲਦੀ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰੇਗੀ।
ਇੱਥੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ਟਲ ਬੱਸ ਸੇਵਾ ਲੋਕਾਂ ਨੂੰ ਮਿਆਰੀ ਜਨਤਕ ਟਰਾਂਸਪੋਰਟ ਸਹੂਲਤ ਮੁਹੱਈਆ ਕਰੇਗੀ। ਉਨ੍ਹਾਂ ਕਿਹਾ ਕਿ ਇਹ ਬੱਸ ਸੇਵਾ ਪਾਇਲਟ ਪ੍ਰਾਜੈਕਟ ਵਜੋਂ ਐਸ.ਏ.ਐਸ. ਨਗਰ (ਮੁਹਾਲੀ) ਤੋਂ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਬਾਅਦ ਵਿੱਚ ਇਹ ਸੇਵਾ ਸੂਬੇ ਦੇ ਹੋਰ ਵੱਡੇ ਸ਼ਹਿਰਾਂ ਤੇ ਕਸਬਿਆਂ ਵਿੱਚ ਵੀ ਚਲਾਈ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਨਾਲ ਲੋਕਾਂ ਨੂੰ ਜਨਤਕ ਟਰਾਂਸਪੋਰਟ ਲਈ ਬਿਹਤਰੀਨ ਸਹੂਲਤਾਂ ਮੁਹੱਈਆ ਹੋਣਗੀਆਂ। ਉਨ੍ਹਾਂ ਉਮੀਦ ਜਤਾਈ ਜਨਤਕ ਟਰਾਂਸਪੋਰਟ ਦੇ ਇਨ੍ਹਾਂ ਸਾਧਨਾਂ ਨਾਲ ਸ਼ਹਿਰਾਂ ਵਿੱਚ ਟਰੈਫਿਕ ਜਾਮਾਂ ਦੀ ਸਮੱਸਿਆ ਹੱਲ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸ਼ਟਲ ਬੱਸ ਸੇਵਾ ਜਲਦੀ ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਚਲਾਉਣ ਲਈ ਸੂਬਾ ਸਰਕਾਰ ਪੂਰੀ ਕੋਸ਼ਿਸ਼ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸ਼ਟਲ ਬੱਸ ਸੇਵਾ ਨਾਲ ਟਰੈਫਿਕ ਜਾਮਾਂ ਤੋਂ ਇਲਾਵਾ ਵਾਤਾਵਰਨ ਪ੍ਰਦੂਸ਼ਣ ਦੀ ਸਮੱਸਿਆ ਵੀ ਘਟੇਗੀ ਕਿਉਂਕਿ ਇਸ ਨਾਲ ਤੇਲ ਦੀ ਖਪਤ ਘਟੇਗੀ। ਉਨ੍ਹਾਂ ਅਧਿਕਾਰੀਆਂ ਨੂੰ ਆਖਿਆ ਕਿ ਉਹ ਇਸ ਸੇਵਾ ਬਾਰੇ ਸਾਰੀਆਂ ਲੋੜਾਂ ਜਲਦੀ ਪੂਰੀਆਂ ਕਰਨ ਤਾਂ ਕਿ ਇਸ ਨੂੰ ਛੇਤੀ ਤੋਂ ਛੇਤੀ ਸ਼ੁਰੂ ਕੀਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਉਤੇ ਫੌਰੀ ਅਮਲ ਤੇ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਉਹ ਇਸ ਪ੍ਰਾਜੈਕਟ ਦੀ ਨਿੱਜੀ ਤੌਰ ਉਤੇ ਸਮੀਖਿਆ ਕਰਨਗੇ।
ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ ਤੇ ਹੋਰ ਹਾਜ਼ਰ ਸਨ।
ਸਰਕਾਰੀ ਪ੍ਰਾਇਮਰੀ ਸਕੂਲ ਮੁੱਠਿਆਵਾਲੀ ਨੂੰ ਪਿੰਡ ਦੀ ਪੰਚਾਇਤ ਨੇ ਫਰਿੱਜ ਅਤੇ ਐਲ ਈ ਡੀ ਦਾਨ ਦਿੱਤੀ
ਸਕੂਲ ਨੂੰ ਸ਼ਮੇ ਦਾ ਹਾਣੀ ਬਣਾਉਣ ਲਈ ਪਿੰਡ ਦੀ ਪੰਚਾਇਤ ਵੱਲੋਂ ਦਿੱਤਾ ਜਾ ਰਿਹਾ ਹੈ ਪੂਰਨ ਸਹਿਯੋਗ -ਸਕੂਲ ਮੁੱਖੀ ਬਲਜੀਤ ਸਿੰਘ
ਫ਼ਾਜਿ਼ਲਕਾ- ਬਲਰਾਜ ਸਿੰਘ ਸਿੱਧੂ
ਬਲਾਕ ਫਾਜ਼ਿਲਕਾ 2 ਦੇ ਸਕੂਲ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੁੱਠਿਆਵਾਲੀ ਦੀ ਸਕੂਲ ਮੁੱਖੀ ਅਤੇ ਸਟਾਫ ਵੱਲੋਂ ਸਰਕਾਰੀ ਗ੍ਰਾਂਟਾ ਦੇ ਨਾਲ-ਨਾਲ ਦਾਨੀ ਸੱਜਣਾਂ ਦੇ ਸਹਿਯੋਗ ਅਤੇ ਆਪਣੀ ਨੇਕ ਕਮਾਈ ਵਿੱਚੋਂ ਖਰਚ ਕਰਦਿਆਂ ਲਗਾਤਾਰ ਯਤਨ ਕਰਕੇ ਨੁਹਾਰ ਬਦਲੀ ਜਾ ਰਹੀ ਹੈ।
ਉੱਥੇ ਸਕੂਲ ਮੁੱਖੀ ਅਤੇ ਸਟਾਫ ਦਾ ਪਿੰਡ ਦੀ ਪੰਚਾਇਤ ਅਤੇ ਖੇਤਰ ਦੇ ਦਾਨੀ ਸੱਜਣਾਂ ਨਾਲ ਚੰਗੇ ਸਬੰਧਾਂ ਅਤੇ ਮਿਲਵਰਤਣ ਦਾ ਵੀ ਸਕੂਲ ਨੂੰ ਭਰਪੂਰ ਲਾਭ ਮਿਲ ਰਿਹਾ ਹੈ। ਪਿੰਡ ਦੀ ਪੰਚਾਇਤ ਵੱਲੋਂ ਸਕੂਲ ਦੀ ਭਲਾਈ ਲਈ ਹਮੇਸ਼ਾ ਵਧ ਚੜ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ। ਸਕੂਲ ਮੁੱਖੀ ਬਲਜੀਤ ਸਿੰਘ ਨੇ ਦੱਸਿਆ ਕਿ
ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ
ਅੱਜ ਪਿੰਡ ਦੀ ਪੰਚਾਇਤ ਵੱਲੋ ਸਕੂਲ ਨੂੰ ਇੱਕ ਫਰਿੱਜ ਅਤੇ ਐਲ ਈ ਡੀ ਭੇਂਟ ਕੀਤੇ ਗਏ।
ਜਿਸ ਨਾਲ ਸਕੂਲ ਦੇ ਕਲਾਸਰੂਮ ਜੋ ਕਿ ਪ੍ਰੋਜੈਕਟਰ ਤੋ ਵਾਝੇ ਸਨ। ਉਹਨਾਂ ਵਿੱਚ ਵੀ ਐਲ ਈ ਡੀ ਲੱਗਣ ਨਾਲ ਸਕੂਲ ਦੇ ਸਾਰੇ ਕਲਾਸ ਰੂਮਜ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਕੀਤੀ ਜਾ ਸਕੇਗੀ ਅਤੇ ਲੋੜੀਂਦੀਆਂ ਸਾਰੀਆ ਸੁਵਿਧਾਵਾਂ ਪੂਰੀਆਂ ਹੋ ਜਾਣਗੀਆ।
ਸਕੂਲ ਦੀ ਨੁਹਾਰ ਨੂੰ ਬਦਲਣ ਲਈ ਇਹਨਾਂ ਸਹਿਯੋਗੀ ਸੱਜਣਾਂ ਵੱਲੋ ਹਮੇਸ਼ਾ ਹੀ ਸਾਥ ਦਿੱਤਾ ਜਾਂਦਾ ਹੈ। ਬੀਪੀਈਓ ਪ੍ਰਮੋਦ ਕੁਮਾਰ, ਸੀਐਚਟੀ ਮਨੋਜ ਧੂੜੀਆ ਅਤੇ ਨੈਸ਼ਨਲ ਅਵਾਰਡੀ ਅਧਿਆਪਕ ਲਵਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਉਹ ਵਿਭਾਗ ਵੱਲੋਂ ਪੰਚਾਇਤ ਅਤੇ ਸਮੂਹ ਦਾਨੀ ਸੱਜਣਾਂ ਦਾ ਧੰਨਵਾਦ ਕਰਦੇ ਹਨ। ਪਿੰਡ ਦੀ ਪੰਚਾਇਤ ਦਾ ਸਕੂਲ ਨੂੰ ਦਾਨ ਦੇਣ ਇੱਕ ਸ਼ਲਾਘਾਯੋਗ ਉਪਰਾਲਾ ਹੈ।ਇਸ ਨੇਕ ਕਾਰਜ ਲਈ ਸਮੂਹ ਸਟਾਫ ਵੀ ਵਧਾਈ ਦਾ ਹੱਕਦਾਰ ਹੈ।ਇਸ ਮੌਕੇ ਤੇ ਸਕੂਲ ਮੁੱਖੀ ਬਲਜੀਤ ਸਿੰਘ , ਮੈਡਮ ਸੁਮਨ, ਚੇਅਰਮੈਨ ਪਰਮਜੀਤ ਸਿੰਘ , ਉਪ ਚੇਅਰਮੈਨ ਸੰਦੀਪ ਸਿੰਘ , ਪਿੰਡ ਦੀ ਸਰਪੰਚ ਸ੍ਰੀਮਤੀ ਪ੍ਰਵੀਨ ਜੀ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਆਗਨਵਾੜੀ ਵਰਕਰ ਰਚਨਾ, ਰਾਣੋ ਬਾਈ, ਛਿੰਦੋ ਬਾਈ, ਰਮੇਸ਼ ਸਿੰਘ, ਜਸਵਿੰਦਰ ਕੌਰ, ਸੁਖਦੇਵ ਸਿੰਘ, ਅਮਨਦੀਪ, ਕਮਲਾਂ, ਸਿਮਰਜੀਤ ਕੌਰ, ਚੰਨੋ ਬਾਈ, ਛਿੰਦੋ ਬਾਈ, ਮੋਹਨ ਲਾਲ, ਨੀਤੂ, ਮੈਬਰ ਰਾਜੂ ਵਿਦਿਆਰਥੀਆਂ ਦੇ ਮਾਪੇ ਅਤੇ ਪਤਵੰਤੇ ਮੌਜੂਦ ਸਨ।
ਦਾਨੀ ਸੱਜਣਾਂ ਵੱਲੋਂ ਅੱਗੇ ਤੋ ਵੀ ਸਟਾਫ ਦੇ ਮੋਢੇ ਨਾਲ ਮੋਢਾ ਜੋੜ ਕੇ ਸਕੂਲ ਨੂੰ ਹੋਰ ਵੀ ਬੁਲੰਦੀਆਂ ਤੱਕ ਪਹੁੰਚਾਉਣ ਦਾ ਵਾਅਦਾ ਕੀਤਾ ਗਿਆ।
ਸਕੂਲ ਮੁੱਖੀ ਬਲਜੀਤ ਸਿੰਘ ਵੱਲੋਂ ਪੰਚਾਇਤ ਅਤੇ ਸਮੂਹ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ ਗਿਆ।
ਵਿਜੀਲੈਂਸ ਨੇ ਅੜੁੰਬਿਆ ਲਿਆ ਪਟਵਾਰੀ
ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ
ਚੰਡੀਗੜ੍ਹ, 25 ਜੁਲਾਈ:
ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਹੰਡਿਆਇਆ ਵਿਖੇ ਤਾਇਨਾਤ ਪਟਵਾਰੀ ਜਤਿੰਦਰ ਸਿੰਘ ਨੂੰ ਜਸਵਿੰਦਰ ਸਿੰਘ ਵਾਸੀ ਗਰਚਾ ਰੋਡ, ਬਰਨਾਲਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਜਸਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਵੱਲੋਂ ਹਾਲ ਹੀ ਵਿੱਚ ਖਰੀਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਕਤ ਪਟਵਾਰੀ ਨੇ 20,000 ਰੁਪਏ ਰਿਸ਼ਵਤ ਮੰਗੀ ਸੀ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਉਕਤ ਪਟਵਾਰੀ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
ਇਸ ਸਬੰਧੀ ਪਟਵਾਰੀ ਜਤਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
----------
ਵਿਧਾਇਕ ਰੂਪਨਗਰ ਵਿਰੁੱਧ ਡੀ.ਸੀ. ਦਫਤਰ ਕਰਮਚਾਰੀਆਂ ਨੇ ਦਿੱਤਾ ਧਰਨਾ
ਰੂਪਨਗਰ ਵਿਧਾਇਕ ਦਿਨੇਸ਼ ਚੱਡਾ ਮਾਫੀ ਮੰਗੇ,
ਅਪਣਾ ਨਾਮ ਚਮਕਾਉਣ ਲਈ, ਦਫਤਰਾਂ ਵਿੱਚ ਰਾਜਨੀਤੀ ਕਿਸੇ ਵੀ ਸੂਰਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਸੁਨਿਲ
ਫਾਜ਼ਿਲਕਾ,* ਰੂਪਨਗਰ ਵਿਧਾਇਕ ਵੱਲੋਂ ਤਹਿਸੀਲ ਦਫਤਰ ਵਿੱਚ ਚੈਂਕਿੰਗ ਕਰਨ ਅਤੇ ਬਿਨਾ ਵਜਾ ਸੋ਼ਸ਼ਲ ਮੀਡੀਆ ਤੇ ਆਨ ਲਾਇਨ ਹੋ ਕੇ ਮੁਲਾਜਮਾਂ ਨੂੰ ਪਰੇਸ਼ਾਨ ਕਰਨ ਦੇ ਵਿਰੋਧ ਵਿੱਚ ਅੱਜ ਜਿਲ੍ਹਾ ਫਾਜ਼ਿਲਕਾ ਦੇ ਸਮੂਹ ਡੀ.ਸੀ. ਦਫਤਰ ਕਾਮੇ ਹੜਤਾਲ ਤੇ ਰਹੇ ਅਤੇ ਵਿਧਾਇਕ ਦਿਨੇਸ਼ ਚੱੜਾ ਵਿਰੋਧ ਜਮ੍ਹ ਕੇ ਨਾਰੇਬਾਜੀ ਕੀਤੀ। ਇਸ ਧਰਨੇ ਵਿੱਚ ਡੀ.ਸੀ. ਦਫਤਰ ਕਰਮਚਾਰੀਆਂ ਦੇ ਨਾਲ ਨਾਲ, ਉਪ ਮੰਡਲ ਮੈਜਿਸਟਰੇਟ ਅਤੇ ਤਹਿਸੀਲਦਾਰ ਦਫਤਰਾਂ ਦੇ ਕਰਮਾਰੀਆਂ ਨੇ ਵੀ ਹਿੱਸਾ ਲਿਆ। ਕਰਮਚਾਰੀਆਂ ਦੀ ਹੜਤਾਲ ਦੇ ਚੱਲੇ ਦੋਰ ਦਰਾਜੇ ਤੋਂ ਆਪਣਾ ਕੰਮ ਕਰਵਾਉਣ ਆਏ ਵਿਅਕਤੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਮਣਾ ਕਰਨਾ ਪਿਆ।
ਜਾਣਕਾਰੀ ਦਿੰਦੇ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਸੁਨਿਲ ਕੁਮਾਰ, ਸਕੱਤਰ ਰਾਜ ਕੁਮਾਰ ਨੇ ਦੱਸਿਆ ਕਿ ਦਫਤਰਾਂ ਵਿੱਚ ਰਾਜਨੀਤੀ ਕਿਸੇ ਵੀ ਸੂਰਤ ਤੇ ਬਰਦਾਸ਼ਤ ਨਹੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬਾ ਭਰ ਵਿੱਚ ਕੁਝ ਰਾਜ ਨੇਤਾ ਸੁਰਖਿਆਂ ਵਿੱਚ ਆਉਣ ਲਈ ਸਰਕਾਰੀ ਦਫਤਰਾਂ ਵਿੱਚ ਆ ਕੇ ਆਨ ਲਾਇਨ ਹੋ ਜਾਂਦੇ ਹਨ ਅਤੇ ਕਰਮਚਾਰੀਆਂ ਨੂੰ ਪਰੇਸ਼ਾਨ ਕਰਦੇ ਹਨ। ਉਨ੍ਹਾਂ ਦੱਸਿਆ ਕਿ ਸੂਬਾ ਭਰ ਵਿੱਚ ਕਰਮਚਾਰੀਆਂ ਪਾਸ ਪਹਿਲਾਂ ਕੰਮ ਜਿਆਦਾ ਹੈ ਅਤੇ ਦਫਤਰੀ ਕੰਮ ਦੇ ਨਾਲ ਨਾਲ ਉਨ੍ਹਾ ਪਾਸ ਫਿਲਡ ਦਾ ਵੀ ਕੰਮ ਹੁੰਦਾ ਹੈ ਅਤੇ ਹੁਣ ਕਰਮਚਾਰੀ ਹੜ੍ਹਾ ਵਿੱਚ ਦਿਨ ਰਾਤ ਆਪਣੀ ਡਿਊਟੀ ਕਰ ਰਹੇ ਹਨ। ਬਿਨ੍ਹਾਂ ਤਫਤੀਸ਼ ਕੀਤੇ ਹੀ ਫਿਲਡ ਵਿੱਚ ਗਏ ਕਰਮਚਾਰੀਆਂ ਨੂੰ ਵੀ ਰਾਜਨੇਤਾ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੰਦੇ ਹਨ ਅਤੇ ਬਿਨ੍ਹਾਂ ਸਬੂਤਾਂ ਦੇ ਹੀ ਕਰਮਚਾਰੀਆਂ ਤੇ ਰਿਸ਼ਵਤ ਮੰਗਣ ਦੇ ਦੋਸ਼ ਲਗਾਉਂਦੇ ਹਨ। ਉਨ੍ਹਾ ਦੱਸਿਆ ਕਿ ਹਲਕਾ ਰੂਪਨਗਰ ਦੇ ਵਿਧਾਇਕ ਨੇ ਵੀ ਕੁਝ ਅਜਿਹਾ ਹੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਰੂਪ ਨਗਰ ਵਿਧਾਇਕ ਨੇ ਬਿਨ੍ਹਾਂ ਸਬੂਤਾ ਦੇ ਸਾਡੇ ਕਰਮਚਾਰੀਆਂ ਨੂੰ ਮਾਨਸਿਕ ਪਰੇਸ਼ਾਨ ਕੀਤਾ ਹੈ ਅਤੇ ਦਫਤਰੀ ਰਿਕਾਰਡ ਆਪਣੇ ਦਫਤਰ ਵਿੱਚ ਮੰਗਵਾਕੇ ਆਪਣੀ ਪਾਵਰਾਂ ਦਾ ਗਲਤ ਇਸਤੇਮਾਲ ਕੀਤਾ ਹੈ।ਜੋ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾ ਦੱਸਿਆ ਕਿ ਇਸ ਗਲ ਨੂੰ ਲੈ ਕੇ ਸੂਬਾ ਭਰ ਦੇ ਕਰਮਚਾਰੀ ਰੋਸ਼ ਵਿੱਚ ਹਨ ਜਦੋਂ ਤੱਕ ਰੂਪ ਨਗਰ ਦੇ ਵਿਧਾਇਕ ਸ਼੍ਰੀ ਚੱਡਾ ਮਾਫੀ ਨਹੀਂ ਮੰਗਦੇ ਉਦੋਂ ਤੱਕ ਯੂਨੀਅਨ ਦਾ ਰੋਸ਼ ਜਾਰੀ ਰਹੇਗਾ।
ਇਸ ਮੌਕੇ ਯੂਨੀਅਨ ਦੇ ਸੂਬਾ ਮਿਤ ਪ੍ਰਧਾਨ ਅਸ਼ੋਕ ਕੁਮਾਰ, ਸਰਪਰਸਤ ਜਗਜੀਤ ਸਿੰਘ, ਕੈਸ਼ੀਅਰ ਪ੍ਰਦੀਪ ਸ਼ਰਮਾ, ਪਵਨ ਕੁਮਾਰ, ਰਾਮ ਸਿੰਘ, ਅੰਕੁਰ ਸ਼ਰਮਾ, ਪ੍ਰਦੀਪ ਸਿੰਘ, ਅਮਰਜੀਤ ਸਿੰਘ, ਰਾਮ ਰਤਨ, ਨਰਿੰਦਰ ਕੁਮਾਰ, ਸਤਪ੍ਰੀਤ ਕੰਬੋਜ, ਮੋਹਨ ਲਾਲ, ਪਰਮਜੀਤ ਸ਼ਰਮਾ, ਮਤਿੰਦਰ ਸਿੰਘ, ਅਨਕਿਤ ਕੁਮਾਰ, ਸੁਭਾਸ਼ ਕੁਮਾਰ, ਅਰਪੀਤ ਬਤਰਾ, ਮਹਿੰਦਰ ਕੁਮਾਰ, ਗੁਰਪਿੰਦਰ ਸਿੰਘ, ਅਮਿਤ ਧਮਿਜਾ, ਰਾਹੁਲ ਕੁਮਾਰ, ਵਰਿੰਦਰ ਕੁਮਾਰ, ਵਿਦਿਆ ਰਾਣੀ, ਬਲਵਿੰਦਰ ਕੌਰ, ਉਸ਼ਾ ਰਾਣੀ, ਚੇਤਨਾ, ਅਮਨਪ੍ਰੀਤ ਕੌਰ, ਹਿਨਾ ਧਵਨ, ਨਿਰੂ, ਡਿਮਪਲ, ਬਬਲੀ ਰਾਣੀ ਸਹਿਤ ਯੂਨੀਅਨ ਮੈਂਬਰ ਹਾਜ਼ਰ ਸਨ।
ਨੱਥੀ: ਐਮ.ਐਲ.ਏ. ਰੂਪਨਗਰ ਵਿਰੁੱਧ ਰੋਸ਼ ਪ੍ਰਦਰਸ਼ਨ ਕਰਦੇ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਅਹੁਦੇਦਾਰ ਅਤੇ ਮੈਂਬਰ।