Jan 16, 2023

ਸੁਰੱਖਿਅਤ ਪੰਜਾਬ-ਸੋਹਣਾ ਪੰਜਾਬ” ਤਹਿਤ ਪੀ.ਆਰ.ਟੀ.ਸੀ. ਡੀਪੂ ਵਿਖੇ ਕੈਂਪ ਆਯੋਜਤ

 ਮਾਹਰ ਡਾਕਟਰਾਂ ਵੱਲੋਂ ਡਰਾਈਵਰ, ਕੰਡਕਟਰ ਤੇ ਵਰਕਸ਼ਾਪ ਕਰਮਚਾਰੀਆਂ ਦੀਆਂ ਅੱਖਾਂ ਦਾ ਕੀਤਾ ਗਿਆ ਚੈਕ ਅਪ

–17 ਜਨਵਰੀ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਹੋਵੇਗਾ ਸਪੈਸ਼ਲ ਸੈਮੀਨਾਰ




ਬਠਿੰਡਾ, 16 ਜਨਵਰੀ : ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ “ਸੁਰੱਖਿਅਤ ਪੰਜਾਬ-ਸੋਹਣਾ ਪੰਜਾਬ” ਤਹਿਤ 17 ਜਨਵਰੀ ਤੱਕ ਮਨਾਏ ਜਾ ਰਹੇ “ਸੜ੍ਹਕ ਸੁਰੱਖਿਆ ਹਫ਼ਤਾ” ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੀ.ਆਰ.ਟੀ.ਸੀ. ਬਠਿੰਡਾ ਡੀਪੂ ਦੇ ਜਨਰਲ ਮੈਨੇਜਰ ਸ੍ਰੀ ਅਮਨਵੀਰ ਸਿੰਘ ਟਿਵਾਣਾ ਦੀ ਯੋਗ ਅਗਵਾਈ ਹੇਠ ਅੱਖਾਂ ਦਾ ਚੈਕ ਅਪ ਕੈਂਪ ਲਗਾਇਆ ਗਿਆ।

        ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਮੈਨੇਜਰ, ਪੀ.ਆਰ.ਟੀ.ਸੀ. ਸ੍ਰੀ ਅਮਨਵੀਰ ਸਿੰਘ ਟਿਵਾਣਾ ਨੇ ਦੱਸਿਆ ਕਿ ਲਗਾਏ ਗਏ ਇਸ ਕੈਂਪ ਦੌਰਾਨ ਟਰਾਂਸਪੋਰਟ ਵਿਭਾਗ ਦੇ ਡਰਾਈਵਰਾਂ, ਕੰਡਕਟਰਾਂ ਅਤੇ ਵਰਕਸ਼ਾਪ ਦੇ ਕਰਮਚਾਰੀਆਂ ਦੀਆਂ ਅੱਖਾਂ ਦੀ ਜਾਂਚ ਮਾਹਰ ਡਾ. ਹਰਜੀਤ ਸਿੰਘ ਵੱਲੋਂ ਕੀਤੀ ਗਈ। ਇਸ ਤੋਂ ਇਲਾਵਾ ਅੱਖਾਂ ਦੀ ਸਾਂਭ-ਸੰਭਾਲ ਸਬੰਧੀ ਵੀ ਉਨ੍ਹਾਂ ਨੂੰ ਜਾਣੂੰ ਕਰਵਾਇਆ ਗਿਆ।

        ਇਸ ਮੌਕੇ ਜਨਰਲ ਮੈਨੇਜਰ, ਸ੍ਰੀ ਟਿਵਾਣਾ ਨੇ ਹੋਰ ਦੱਸਿਆ ਗਿਆ ਕਿ ਸੜ੍ਹਕ ਸੁਰੱਖਿਆ ਹਫ਼ਤਾ ਮਨਾਉਣ ਦੀ ਲੜੀ ਤਹਿਤ ਹੀ ਸਥਾਨਕ ਟ੍ਰੈਫ਼ਿਕ ਪੁਲਿਸ ਨਾਲ ਰਾਬਤਾ ਕਰਕੇ 17 ਜਨਵਰੀ ਨੂੰ ਇੱਕ ਸਥਾਨਕ ਪੀ.ਆਰ.ਟੀ.ਸੀ. ਵਰਕਸ਼ਾਪ ਵਿਖੇ ਇੱਕ ਸਪੈਸ਼ਲ ਸੈਮੀਨਾਰ ਵੀ ਕਰਵਾਇਆ ਜਾਵੇਗਾ, ਜਿਸ ਵਿੱਚ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

        ਇਸ ਮੌਕੇ ਮੁੱਖ ਇੰਸਪੈਕਟਰ ਸ੍ਰੀ ਬਲਜਿੰਦਰ ਸਿੰਘ, ਏ.ਐਸ.ਆਈ. ਸਿੰਦਰਪਾਲ, ਇੰਸਪੈਕਟਰ ਜਸਕਰਨ ਸਿੰਘ, ਸਹਾਇਕ ਵਰਕਸ਼ਾਪ ਸਿੰਦਰਪਾਲ ਅਤੇ ਹਰਜੀਤ ਸਿੰਘ ਆਦਿ ਹਾਜ਼ਰ ਸਨ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਡਾਇਲਸੈਸ ਸੈਂਟਰ ਦਾ ਉਦਘਾਟਨ



ਬਠਿੰਡਾ, 16 ਜਨਵਰੀ 

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਅੱਜ ਇੱਥੇ ਰੈਡ ਕਰਾਸ ਸੁਸਾਇਟੀ ਵਲੋਂ ਸ਼ੁਰੂ ਕੀਤੇ ਗਏ ਡਾਇਲਾਸੈਸ ਸੈਂਟਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਬਠਿੰਡਾ ਤੋਂ ਵਿਧਾਇਕ ਜਗਰੂਪ ਗਿੱਲ ਤੇ ਡਿਪਟੀ ਕਮਿਸ਼ਨਰ ਅਹਿਮਦ ਪਰੇ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਉਨ੍ਹਾਂ ਮਰੀਜਾਂ ਦਾ ਹਾਲ ਚਾਲ ਪੁੱਛਿਆ। 

Jan 15, 2023

ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਸ਼ੁਰੂ ਕੀਤੀ ਆਨਲਾਈਨ ਪੜ੍ਹਾਈ ਨੂੰ ਵਿਦਿਆਰਥੀਆਂ ਨੇ ਦਿੱਤਾ ਭਰਵਾਂ ਹੁੰਗਾਰਾ: ਹਰਜੋਤ ਸਿੰਘ ਬੈਂਸ





12 ਲੱਖ ਤੋਂ ਵੀ ਵੱਧ ਵਿਦਿਆਰਥੀਆਂ ਨੇ ਆਨਲਾਈਨ ਜਮਾਤਾਂ ਵਿੱਚ ਕੀਤੀ ਸ਼ਮੂਲੀਅਤ 


ਰੋਜ਼ਾਨਾ ਸਿੱਖਿਆ ਵਿਭਾਗ ਦੇ ਫੇਸਬੁੱਕ ਪੇਜ਼ ਅਤੇ ਯੂਟਿਊਬ ਚੈਨਲ ਤੋਂ ਹੁੰਦਾ ਸਿੱਧਾ ਪ੍ਰਸਾਰਨ 


ਚੰਡੀਗੜ੍ਹ, 15 ਜਨਵਰੀ 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 

ਸਰਦ ਰੁੱਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਕੀਤੀ ਗਈ ਛੁੱਟੀਆਂ ਦੌਰਾਨ  ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਵਿਧੀ ਰਾਹੀਂ ਪੜ੍ਹਾਈ ਨਾਲ ਜੋੜ ਕੇ ਰੱਖਿਆ ਗਿਆ । ਸਕੂਲ ਸਿੱਖਿਆ ਵਿਭਾਗ ਦੀ ਇਸ ਪਹਿਲ ਨੂੰ ਵਿਦਿਆਰਥੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਠੰਡ ਵੱਧਣ ਕਾਰਨ ਲਗਾਤਾਰ ਸਕੂਲ ਬੰਦ ਰਹਿਣ ਕਰਕੇ  ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜ ਕੇ ਰੱਖਣ ਵਾਸਤੇ  30 ਦਸੰਬਰ 2022 ਤੋਂ ਆਨਲਾਈਨ ਵਿਧੀ ਰਾਹੀ ਵਿਭਾਗ ਦੇ ਫੇਸਬੁੱਕ ਪੇਜ਼ ਅਤੇ ਯੂਟਿਊਬ ਚੈਨਲ ਤੇ ਲਾਇਵ ਜਮਾਤਾਂ ਲਾਉਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ। ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਇਸ ਪ੍ਰੋਗਰਾਮ ਨੂੰ ਬੇਮਿਸਾਲ ਹੁੰਗਾਰਾ ਦਿੱਤਾ ਗਿਆ ਅਤੇ ਹੁਣ ਤੱਕ 12 ਲੱਖ ਤੋਂ ਵੀ ਵੱਧ ਵਿਦਿਆਰਥੀ ਇਹ ਲੈਕਚਰ ਦੇਖ ਚੁੱਕੇ ਹਨ। 


ਸ. ਬੈਂਸ ਨੇ ਦੱਸਿਆ ਕਿ ਬੋਰਡ ਦੇ ਇਮਤਿਹਾਨਾਂ ਵਾਲੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਛੁੱਟੀਆਂ ਦੌਰਾਨ ਪੜ੍ਹਾਈ ਨਾਲ ਜੋੜੀ ਰੱਖਣ ਦੇ ਮੰਤਵ ਨਾਲ ਇਹ ਉਪਰਾਲਾ ਕੀਤਾ ਗਿਆ ਸੀ ਜੋ ਪੂਰੀ ਤਰਾਂ ਸਫਲ ਰਿਹਾ। 


ਸਿੱਖਿਆ ਮੰਤਰੀ  ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਮਾਪਿਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। 


ਉਨ੍ਹਾਂ ਦੱਸਿਆ ਕਿ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਅਤੇ ਪ੍ਰੀ-ਬੋਰਡ ਇਮਤਿਹਾਨਾਂ ਨੂੰ ਮੱਦੇਨਜ਼ਰ ਰੱਖਦਿਆਂ ਵਿਭਾਗ ਵੱਲੋਂ ਮਾਹਿਰ ਅਧਿਆਪਕਾਂ ਦੀ ਮਦਦ ਨਾਲ ਰੋਜ਼ਾਨਾ ਸਵੇਰ ਅਤੇ ਸ਼ਾਮ ਦੇ ਸੈਸ਼ਨਾਂ ਰਾਹੀਂ ਆਨਲਾਈਨ ਲੈਕਚਰ ਕਰਵਾਏ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਪਹਿਲਾਂ ਸਕੂਲਾਂ ਦੇ ਅਧਿਆਪਕ ਆਪਣੇ ਪੱਧਰ ‘ਤੇ ਆਪਣੀ ਜਮਾਤ ਨੂੰ ਪੜ੍ਹਾਉਂਦੇ ਸਨ। ਪਰ ਇਸ ਵਾਰ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਟੇਟ ਪੱਧਰ ‘ਤੇ ਇਹ ਉਪਰਾਲਾ ਕੀਤਾ ਜਾ ਗਿਆ ਹੈ ਜਿਸਦੇ ਤਹਿਤ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਵੱਖ-ਵੱਖ ਵਿਸ਼ਿਆਂ ਨੂੰ ਕਵਰ ਕਰਕੇ ਸੋਸ਼ਲ਼ ਮੀਡੀਆ ਦੇ ਪ੍ਰਭਾਵਸ਼ਾਲੀ ਪਲੇਟਫਾਰਮਾਂ ਰਾਹੀਂ ਇਸ ਨੂੰ ਰਿਲੇਅ ਕੀਤਾ ਜਾ ਰਿਹਾ

ਲੋਕਾਂ ਨੂੰ ਜਲਦੀ ਮਿਲੇਗੀ ਵੱਡੀ ਸਹੂਲਤ; ਆਨਲਾਈਨ ਦੇਖ ਸਕਣਗੇ ਜ਼ਮੀਨ ਦੀ ਸਥਿਤੀ

 


• ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਖਸਰਾ ਆਧਾਰਤ ਮਾਸਟਰਪਲਾਨਜ਼ ਨੂੰ ਡਿਜੀਟਾਈਜ਼ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ 


• ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਪੀ.ਆਰ.ਐਸ.ਟੀ. ਟੀਮ ਨਾਲ ਮੀਟਿੰਗ ਦੌਰਾਨ ਪ੍ਰਾਜੈਕਟ ਦੀ ਕੀਤੀ ਸਮੀਖਿਆ 


• ਮੁਸਾਵੀ (ਕੈਡਸਟ੍ਰਲ ਮੈਪ) 'ਤੇ ਮਾਸਟਰਪਲਾਨਜ਼ ਨੂੰ ਸੁਪਰਇੰਪੋਜ਼ ਕਰਦੇ ਸਮੇਂ ਸਟੀਕਤਾ ਤੇ ਮਿਆਰ ਨੂੰ ਯਕੀਨੀ ਬਣਾਉਣ ਲਈ ਕਿਹਾ 


ਚੰਡੀਗੜ੍ਹ, 15 ਜਨਵਰੀ:


ਸੂਬੇ ਦੇ ਲੋਕਾਂ ਨੂੰ ਇਕ ਹੋਰ ਵੱਡੀ ਸਹੂਲਤ ਦੇਣ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਖਸਰਾ ਆਧਾਰਤ ਮਾਸਟਪਲਾਨਜ਼ ਨੂੰ ਡਿਜੀਟਾਈਜ਼ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਆਮ ਵਿਅਕਤੀ ਜ਼ਮੀਨ ਦੀ ਸਥਿਤੀ, ਇਸ ਦੀ ਮੌਜੂਦਾ ਵਰਤੋਂ ਅਤੇ ਜ਼ੋਨਿੰਗ ਪਲਾਨ ਬਾਰੇ ਆਸਾਨੀ ਨਾਲ ਪਤਾ ਕਰ ਸਕੇਗਾ। 

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਪ੍ਰਾਜੈਕਟ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਵਾਸਤੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਆਰ.ਐਸ.ਸੀ.) ਦੀ ਟੀਮ ਨਾਲ ਤਾਲਮੇਲ ਕਰਨ ਤਾਂ ਜੋ ਲੋਕਾਂ ਨੂੰ ਜ਼ਮੀਨ ਨਾਲ ਸਬੰਧਤ ਸਾਰੀ ਜਾਣਕਾਰੀ ਇੱਕ ਕਲਿੱਕ 'ਤੇ ਮੁਹੱਈਆ ਕਰਵਾਈ ਜਾ ਸਕੇ।

ਪੀ.ਆਰ.ਐਸ.ਸੀ. ਦੀ ਟੀਮ ਨਾਲ ਮੀਟਿੰਗ ਦੌਰਾਨ ਇਸ ਪ੍ਰਾਜੈਕਟ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਲੋਕ ਆਪਣੀ ਜ਼ਮੀਨ ਨੂੰ ਆਨਲਾਈਨ ਦੇਖ ਸਕਣਗੇ। ਇਸ ਤੋਂ ਇਲਾਵਾ ਜਿਸ ਖੇਤਰ ਵਿੱਚ ਉਨ੍ਹਾਂ ਦੀ ਜ਼ਮੀਨ ਪੈਂਦੀ ਹੈ, ਉਸ ਖੇਤਰ ਦੇ ਜ਼ੋਨਿੰਗ ਪਲਾਨ ਬਾਰੇ ਵੀ ਜਾਣਕਾਰੀ ਹਾਸਲ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਇਹ ਪਹਿਲਕਦਮੀ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀ.ਐਲ.ਯੂ.) ਲਈ ਆਸਾਨੀ ਨਾਲ ਅਪਲਾਈ ਕਰਨ ਵੀ ਮਦਦਗਾਰ ਸਾਬਤ ਹੋਵੇਗੀ। ਇਸ ਤੋਂ ਇਲਾਵਾ ਰਿਕਾਰਡ ਦੇ ਰੱਖ-ਰਖਾਅ ਦੀ ਵਿਧੀ ਵਿੱਚ ਪਾਰਦਰਸ਼ਤਾ ਆਵੇਗੀ ਅਤੇ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹ ਮਿਲੇਗਾ।


ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਉਨ੍ਹਾਂ ਦੇ ਦਰ 'ਤੇ ਸੇਵਾਵਾਂ ਪ੍ਰਦਾਨ ਕਰਨ ਲਈ ਕਈ ਸੁਧਾਰਾਤਮਕ ਕਦਮ ਚੁੱਕੇ ਹਨ।

ਇਸ ਦੌਰਾਨ ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਕੁੱਲ 43 ਮਾਸਟਰਪਲਾਨਜ਼ ਪਹਿਲਾਂ ਹੀ ਨੋਟੀਫਾਈ ਕੀਤੇ ਜਾ ਚੁੱਕੇ ਹਨ। ਇਨ੍ਹਾਂ 43 ਵਿੱਚੋਂ 22 ਮਾਸਟਰਪਲਾਨਜ਼ ਲਈ ਖਸਰਾ ਆਧਾਰਤ ਡਿਜੀਟਾਈਜੇਸ਼ਨ ਮੈਪਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਪ੍ਰਾਜੈਕਟ ਤਹਿਤ ਮੁਸਾਵੀ (ਕੈਡਸਟ੍ਰਲ ਮੈਪ) 'ਤੇ ਮਾਸਟਰਪਲਾਨਜ਼ ਨੂੰ ਸੁਪਰਇੰਪੋਜ਼ ਕੀਤਾ ਜਾ ਰਿਹਾ ਹੈ।

ਸ੍ਰੀ ਅਮਨ ਅਰੋੜਾ ਨੇ ਪੀ.ਆਰ.ਐਸ.ਸੀ. ਦੀ ਟੀਮ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਪ੍ਰਾਜੈਕਟ ਵਿੱਚ ਨਵੀਨਤਮ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇ ਅਤੇ ਇਸ ਕੰਮ ਵਿੱਚ ਸਟੀਕਤਾ ਅਤੇ ਮਿਆਰ ਨੂੰ ਬਰਕਰਾਰ ਰੱਖਣਾ ਯਕੀਨੀ ਬਣਾਇਆ ਜਾਵੇ।


ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਸ੍ਰੀ ਅਜੋਏ ਕੁਮਾਰ ਸਿਨਹਾ, ਪੁੱਡਾ ਦੇ ਮੁੱਖ ਪ੍ਰਸ਼ਾਸਕ ਸ੍ਰੀਮਤੀ ਅਪਨੀਤ ਰਿਆਤ, ਚੀਫ਼ ਟਾਊਨ ਪਲਾਨਰ ਪੰਜਾਬ ਸ੍ਰੀ ਪੰਕਜ ਬਾਵਾ, ਡਾਇਰੈਕਟਰ ਪੀ.ਆਰ.ਐਸ.ਸੀ. ਡਾ. ਬ੍ਰਿਜੇਂਦਰ ਪਟੇਰੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਸੜਕ ਸੁਰੱਖਿਆ ਸਪਤਾਹ ਤਹਿਤ ਅੱਖਾਂ ਦਾ ਮੁਫਤ ਚੈੱਕਅਪ ਕੈਂਪ ਲਗਾਇਆ

 


ਬੱਸਾਂ ਦੇ ਡਰਾਇਰਵਰਾਂ ਅਤੇ ਕੰਡਕਟਰਾਂ ਦੀਆਂ ਅੱਖਾਂ ਦਾ ਕੀਤਾ ਗਿਆ ਚੈੱਕਅਪ
 
ਫਿਰੋਜ਼ਪੁਰ 15 ਜਨਵਰੀ 
ਪੰਜਾਬ ਸਰਕਾਰ ਵੱਲੋ 17 ਜਨਵਰੀ ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਜਾਗਰੂਕਤਾ ਸਪਤਾਹ ਦੇ ਸਬੰਧ ਵਿਚ ਦਫਤਰ ਪੰਜਾਬ ਰੋਡਵੇਜ ਅਤੇ ਸਿਹਤ ਵਿਭਾਗ ਫਿਰੋਜ਼ਪੁਰ ਦੀ ਟੀਮ ਵੱਲੋਂ ਬੱਸ ਸਟੈਂਡ ਫ਼ਿਰੋਜ਼ਪੁਰ ਸ਼ਹਿਰ ਵਿਖੇ ਮੁਫਤ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਰਾਜਿੰਦਰਪਾਲ  ਨੇ ਦੱਸਿਆ ਕਿ ਸੜਕ ਸੁਰੱਖਿਆ ਸਪਤਾਹ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਦੀ ਟੀਮ ਵੱਲੋਂ ਬੱਸ ਸਟੈਂਡ ਫਿਰੋਜ਼ਪੁਰ ਸ਼ਹਿਰ ਵਿਖੇ ਅੱਖਾਂ ਦਾ ਮੁਫਤ ਚੈੱਕਅਪ ਕੈਂਪ ਲਗਾਇਆ ਗਿਆ । ਉਨ੍ਹਾਂ ਦੱਸਿਆ ਕਿ ਇਸ ਦੌਰਾਨ 65 ਦੇ ਕਰੀਬ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਦੀਆ ਅੱਖਾਂ ਦੀ ਸਕਰੀਨਿੰਗ/ਚੈੱਕਅਪ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਅੱਖਾਂ ਸਿਹਤਮੰਦ ਰੱਖਣ ਲਈ ਜਾਣਕਾਰੀ ਵੀ ਦਿੱਤੀ ਗਈ ਹੈ। 
ਇਸ ਮੌਕੇ ਜਨਰਲ ਮੈਨੇਜਰ ਪੰਜਾਬ ਰੋਡਵੇਜ ਫਿਰੋਜ਼ਪੁਰ ਸ੍ਰੀ ਅਮਿਤ ਅਰੋੜਾ ਨੇ ਦੱਸਿਆ ਕਿ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਦੀਆਂ ਅੱਖਾਂ ਦੀ ਚੰਗੀ ਸਿਹਤ ਲਈ ਇਹ ਕੈਂਪ ਦਾ ਆਯੋਜਨ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਵਾਹਨਾਂ ਨੂੰ ਚਲਾਉਣ ਲਈ ਅੱਖਾਂ ਦਾ ਸਿਹਤਯਾਬ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਬਹੁਤ ਵਧੀਆ ਢੰਗ ਨਾਲ ਅੱਖਾਂ ਦਾ ਚੈੱਕਅਪ ਕੀਤਾ ਗਿਆ ਹੈ ਅਤੇ ਜੇਕਰ ਕਿਸੇ ਨੂੰ ਕੋਈ ਅੱਖਾਂ ਸਬੰਧੀ ਕੋਈ ਪਰੇਸ਼ਾਨੀ ਆਈ ਹੈ ਤਾਂ ਉਸ ਨੂੰ ਸਿਵਲ ਹਸਪਤਾਲ ਵਿਚ ਜਾ ਕੇ ਅੱਖਾਂ ਦਾ ਇਲਾਜ ਕਰਵਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੜਕ ਸੁਰੱਖਿਆ ਸਪਤਾਹ ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 17 ਜਨਵਰੀ ਤੱਕ ਹੋਰ ਵੀ ਇਹੋ ਜਿਹੇ ਕੈਪ/ਸੈਮੀਨਾਰ ਆਦਿ ਲਗਵਾ ਕੇ ਲੋਕਾਂ ਨੂੰ ਸੜਕ ਦੁਰੱਘਟਨਾਵਾਂ ਤੋਂ ਬਚਣ ਅਤੇ ਟਰੈਫਿਕ ਨਿਯਮਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ। 
ਇਸ ਮੌਕੇ ਅੱਖਾਂ ਦੇ ਮਾਹਿਰ ਡਾ. ਦਿਕਸ਼ਿਤ ਸਿੰਗਲਾ, ਨੇਤਰ ਅਫਸਰ ਸੰਦੀਪ ਬਜਾਜ ਆਦਿ ਵੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਅਚਾਨਕ ਸਿਵਲ ਹਸਪਤਾਲ ਫਾਜਿ਼ਲਕਾ ਦਾ ਦੌਰਾ ਕਰਨ ਪਹੁੰਚੇ



—ਕਿਹਾ, ਸਫਾਈ ਵਿਵਸਥਾ ਵਿਚ ਕਰੋ ਹੋਰ ਸੁਧਾਰ
—ਮਰੀਜਾਂ ਨਾਲ ਗਲਬਾਤ ਕਰਕੇ ਲਿਆ ਜਾਇਜਾ
 ਫਾਜਿ਼ਲਕਾ, 15 ਜਨਵਰੀ
ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਸ਼ਨੀਵਾਰ ਨੂੰ ਦੇਰ ਸ਼ਾਮ ਫਾਜਿ਼ਲਕਾ ਦੇ ਸਿਵਲ ਹਸਪਤਾਲ ਦਾ ਅਚਾਨਕ ਦੌਰਾ ਕਰਕੇ ਉਥੇ ਮਰੀਜਾਂ ਨੂੰ ਮਿਲ ਰਹੀਆਂ ਇਲਾਜ ਸਹੁਲਤਾਂ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਇਸ ਮੌਕੇ ਹਸਪਤਾਲ ਦੇ ਵਾਰਡਾਂ ਦਾ ਦੌਰਾ ਕਰਕੇ ਇੱਥੇ ਭਰਤੀ ਮਰੀਜਾਂ ਦਾ ਹਾਲ ਚਾਲ ਜਾਣਿਆ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਇਲਾਜ ਸਹੁਲਤਾਂ ਦਾ ਜਾਇਜਾ ਲਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਸੇਸ਼ ਤੌਰ ਤੇ ਹਸਪਤਾਲ ਵਿਚ ਸਫਾਈ ਵਿਵਸਥਾ ਵਿਚ ਹੋਰ ਸੁਧਾਰ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਆਖਿਆ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਾਜ ਵਿਚ ਸਿਹਤ ਸਹੁਲਤਾਂ ਤੇ ਵਿਸੇਸ਼ ਤੱਵਜੋ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਿੱਥੇ ਹਸਪਤਾਲਾਂ ਵਿਚ ਮਰੀਜਾਂ ਨੂੰ ਮਿਆਰੀ ਇਲਾਜ ਦੀ ਸਹੁਲਤ ਯਕੀਨੀ ਬਣਾਈ ਜਾ ਰਹੀ ਹੈ ਉਥੇ ਹੀ ਇਸ ਗਣਤੰਤਰ ਦਿਵਸ ਮੌਕੇ ਜਿ਼ਲ੍ਹੇ ਵਿਚ ਹੋਰ ਆਮ ਆਦਮੀ ਕਲੀਨਿਕ ਵੀ ਖੋਲ੍ਹੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਵਿਭਾਗ ਦੇ ਵੱਖ ਵੱਖ ਪ੍ਰੋਗਰਾਮਾਂ ਨੂੰ ਤਨਦੇਹੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਨੇ ਟੀਕਾਕਰਨ ਪ੍ਰੋਗਰਾਮ, ਪਰਿਵਾਰ ਭਲਾਈ ਪ੍ਰੋਗਰਾਮ, ਟੀਬੀ ਰੋਕਥਾਮ ਪ੍ਰੋਗਰਾਮ ਆਦਿ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ 100 ਫੀਸਦੀ ਟੀਕਾਕਰਨ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਕਿਸੇ ਵੀ ਸੰਭਾਵਿਤ ਕੋਵਿਡ ਪਸਾਰ ਲਈ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ।
ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਮਨਜੀਤ ਸਿੰਘ ਔਲਖ ਵੀ ਹਾਜ਼ਰ ਸਨ।

62 ਸਰਹੱਦੀ ਪਿੰਡਾਂ ਵਿਚ ਬਣਾਈਆਂ ਪਿੰਡ ਸੁਰੱਖਿਆ ਕਮੇਟੀਆਂ—ਡਿਪਟੀ ਕਮਿਸ਼ਨਰ



—52 ਪਿੰਡਾਂ ਵਿਚ ਪੁਲਿਸ ਨੇ ਪਿੰਡ ਸੁਰੱਖਿਆ ਕਮੇਟੀਆਂ ਨਾਲ ਕੀਤੀਆਂ ਬੈਠਕਾਂ
—ਕਮੇਟੀਆਂ ਪਿੰਡਾਂ ਵਿਚ ਰੱਖਣਗੀਆਂ ਚੌਕਸੀ, ਪ੍ਰਸ਼ਾਸਨ ਅਤੇ ਲੋਕਾਂ ਦੀ ਆਪਸੀ ਸਾਂਝ ਹੋਵੇਗੀ ਮਜਬੂਤ
 ਫਾਜਿ਼ਲਕਾ, 15 ਜਨਵਰੀ
ਫਾਜਿ਼ਲਕਾ ਜਿ਼ਲ੍ਹੇ ਦੇ ਪਾਕਿਸਤਾਨ ਦੀ ਹੱਦ ਨੇੜਲੇ 62 ਪਿੰਡਾਂ ਵਿਚ ਪਿੰਡ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਦਿੱਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਾਜਿ਼ਲਕਾ ਜਿ਼ਲ੍ਹੇ ਦਾ ਵੱਡਾ ਹਿੱਸਾ ਪਾਕਿਸਤਾਨ ਦੀ ਹੱਦ ਨਾਲ ਲੱਗਦਾ ਹੈ। ਇਸ ਖੇਤਰ ਵਿਚ ਪਾਕਿਸਤਾਨ ਵੱਲੋਂ ਡ੍ਰੋਨ ਭੇਜਣ ਅਤੇ ਨਸਿ਼ਆਂ ਦੀ ਤਸਕਰੀ ਵਰਗੀਆਂ ਕੋਸਿ਼ਸਾਂ ਹੁੰਦੀਆਂ ਰਹਿੰਦੀਆਂ ਹਨ। ਇਹ ਕਮੇਟੀਆਂ ਦੁਸ਼ਮਣ ਦੇਸ਼ ਦੇ ਅਜਿਹੇ ਮਨਸੂਬਿਆਂ ਖਿਲਾਫ ਚੌਕਸੀ ਰੱਖਣਗੀਆਂ ਅਤੇ ਜ਼ੇਕਰ ਕੋਈ ਅਜਿਹੀ ਘਟਨਾ ਹੋਵੇਗੀ ਤਾਂ ਪੁਲਿਸ ਨੂੰ ਸੂਚਿਤ ਕਰਨਗੀਆਂ।ਜਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਪਿੱਛਲੇ ਦੌਰੇ ਦੌਰਾਨ ਅਜਿਹੀਆਂ ਕਮੇਟੀਆਂ ਗਠਿਤ ਕਰਨ ਦੀ ਗਲ ਆਖੀ ਸੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਪਿੰਡ ਸੁਰੱਖਿਆ ਕਮੇਟੀਆਂ ਵਿਚ ਪਿੰਡ ਦੀ ਪੰਚਾਇਤ ਦੇ ਨੁੰਮਾਇੰਦੇ, ਸੇਵਾ ਮੁਕਤ ਫੌਜੀ ਅਤੇ ਹੋਰ ਵਿਭਾਗਾਂ ਤੋਂ ਸੇਵਾ ਮੁਕਤ ਹੋਏ ਕਰਮਚਾਰੀ, ਨੌਜਵਾਨ ਅਤੇ ਪਿੰਡ ਦੇ ਪਤਵੰਤੇ ਸ਼ਾਮਿਲ ਕੀਤੇ ਗਏ ਹਨ।ਇੰਨ੍ਹਾਂ ਦੇ ਗਠਨ ਦੀ ਪ੍ਰਕ੍ਰਿਆ ਪੁਲਿਸ ਵਿਭਾਗ ਨੇ ਪੂਰੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਕਮੇਟੀਆਂ ਆਪਣੇ ਪਿੰਡ ਦੇ ਲੋਕਾਂ ਨੂੰ ਦੁ਼ਸਮਣ ਦੇਸ਼ ਦੀਆਂ ਚਾਲਾਂ ਤੋਂ ਸੁਚੇਤ ਰੱਖਣਗੀਆਂ। ਕਮੇਟੀਆਂ ਸਰੱਹਦੀ ਪਿੰਡਾਂ ਵਿਚ ਕੌਮੀ ਜਜਬੇ ਅਤੇ ਨਸਿ਼ਆਂ ਦੇ ਖਿਲਾਫ ਜਾਗਰੂਕਤਾ ਵੀ ਪੈਦਾ ਕਰਨਗੀਆਂ।ਇਸ ਤੋਂ ਬਿਨ੍ਹਾਂ ਇੰਨ੍ਹਾਂ ਕਮੇਟੀਆਂ ਰਾਹੀਂ ਪ੍ਰਸ਼ਾਸਨ ਦਾ ਇੰਨ੍ਹਾਂ ਪਿੰਡਾਂ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਹੋਵੇਗਾ ਅਤੇ ਆਪਸੀ ਵਿਸਵਾਸ ਮਜਬੂਤ ਹੋਵੇਗਾ।
ਦੂਜ਼ੇ ਪਾਸੇ ਐਸਐਸਪੀ ਸ: ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਪੁਲਿਸ ਵਿਭਾਗ ਵੱਲੋਂ ਇੰਨ੍ਹਾਂ ਪਿੰਡ ਸੁਰੱਖਿਆ ਕਮੇਟੀਆਂ ਨਾਲ ਬੈਠਕਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ 52 ਪਿੰਡ ਸੁਰੱਖਿਆ ਕਮੇਟੀਆਂ ਨਾਲ ਬੈਠਕਾਂ ਕੀਤੀਆਂ ਗਈਆਂ ਹਨ। ਇੰਨ੍ਹਾਂ ਕਮੇਟੀਆਂ ਨਾਲ ਬੈਠਕਾਂ ਦੌਰਾਨ ਲੋਕਾਂ ਵਿਚ ਪੁਲਿਸ ਪ੍ਰਤੀ ਵਿਸਵਾਸ਼ ਵੱਧਦਾ ਹੈ ।
ਇਸ ਤਰੀਕੇ ਲਗਾਤਾਰ ਸਰਹੱਦੀ ਪਿੰਡਾਂ ਦੇ ਲੋਕਾਂ ਨਾਲ ਸੰਵਾਦ ਵਧਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਮੁਸਕਿਲਾਂ ਦੇ ਪਿੰਡ ਪੱਧਰ ਤੇ ਹੀ ਹੱਲ ਕਰਨ ਦੇ ਯਤਨ ਆਰੰਭੇ ਗਏ ਹਨ।  ਪਿੰਡ ਸੁਰੱਖਿਆ ਕਮੇਟੀਆਂ ਪੁਲਿਸ ਅਤੇ ਲੋਕਾਂ ਦੀ ਆਪਸੀ ਸਾਂਝ ਨੂੰ ਹੋਰ ਮਜਬੂਤ ਕਰਨਗੀਆਂ।